15 May 2026 Aj Di Awaaj
Chandigarh Desk: Samyukt Kisan Morcha ਦੇ ਸੱਦੇ ’ਤੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਨੂੰ ਤਣਾਅਪੂਰਨ ਸਥਿਤੀ ਬਣ ਗਈ। ਚੰਡੀਗੜ੍ਹ ਸਰਹੱਦ ’ਤੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।
ਕਿਸਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ Gulab Chand Kataria ਨਾਲ ਮੁਲਾਕਾਤ ਕਰਨ ਅਤੇ ਰੋਸ ਪ੍ਰਗਟਾਉਣ ਲਈ ਚੰਡੀਗੜ੍ਹ ਪਹੁੰਚ ਰਹੇ ਸਨ। ਪੁਲਿਸ ਵੱਲੋਂ ਚੰਡੀਗੜ੍ਹ ਵਿੱਚ ਦਾਖ਼ਲਾ ਰੋਕਣ ਲਈ ਸਰਹੱਦਾਂ ’ਤੇ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ।
Samyukt Kisan Morcha ਨਾਲ ਸੰਬੰਧਤ 32 ਕਿਸਾਨ ਜਥੇਬੰਦੀਆਂ ਦੇ ਮੈਂਬਰ ਅੰਬ ਸਾਹਿਬ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਅਤੇ ਕਰਜ਼ਾ ਸੀਮਾ ਵਧਾਉਣ, ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਲਾਠੀਚਾਰਜ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿੱਚ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ, ਜਦਕਿ ਕੁਝ ਪੁਲਿਸ ਕਰਮਚਾਰੀਆਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਪੁਲਿਸ ਮੁਤਾਬਕ, ਸਥਿਤੀ ’ਤੇ ਨੇੜੇ ਤੋਂ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਐਸਐਸਪੀ ਸਮੇਤ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ‘ਬਿਜਲੀ ਸੋਧ ਬਿੱਲ 2025’ ਅਤੇ ‘ਬੀਜ ਐਕਟ 2025’ ਨੂੰ ਰੱਦ ਕਰਨਾ, ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ, ਸਹਿਕਾਰੀ ਸਭਾਵਾਂ ਲਈ ਕਰਜ਼ਾ ਸੀਮਾਵਾਂ ਦੀ ਬਹਾਲੀ, ਝੋਨੇ ਦੇ ਸੀਜ਼ਨ ਲਈ ਪੂਰੀ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਦਰਿਆਈ ਪਾਣੀ ਦੀ ਵੰਡ ਸ਼ਾਮਲ ਹਨ।














