ਰੂਪਨਗਰ, 8 ਸਤੰਬਰ 2026 AJ DI Awaaj
Punjab Desk : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਰੂਪਨਗਰ ਮੰਡਲ, ਰੂਪਨਗਰ ਅਤੇ ਰੋਲ ਅਬਜ਼ਰਵਰ ਸ. ਮਨਵੇਸ਼ ਸਿੰਘ ਸਿੱਧੂ ਵੱਲੋਂ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਸ. ਮਨਵੇਸ਼ ਸਿੰਘ ਸਿੱਧੂ ਨੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਦਰਜ ਨਾ ਹੋਵੇ। ਉਨ੍ਹਾਂ ਨਵੇਂ ਨਾਮ ਸ਼ਾਮਲ ਕਰਨ, ਨਾਮ ਹਟਾਉਣ ਅਤੇ ਦਰੁਸਤੀ ਸਬੰਧੀ ਅਰਜ਼ੀਆਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨਾਗਰਿਕਾਂ ਦੀ ਸਹੂਲਤ ਲਈ ਦਸਤਾਵੇਜ਼ੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮੌਕੇ ’ਤੇ ਹੀ ਭੌਤਿਕ ਰਿਹਾਇਸ਼ੀ ਸਰਟੀਫਿਕੇਟ ਜਾਰੀ ਕਰਨ ਦੀ ਹਦਾਇਤ ਵੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਦੀ ਮੌਜੂਦਗੀ ਵਿੱਚ ਰੋਲ ਅਬਜ਼ਰਵਰ ਵੱਲੋਂ ਐਸ.ਆਈ.ਆਰ. ਤਹਿਤ ਨੋਟਿਸਾਂ ਦੀ ਤਾਮੀਲ, ਸੁਣਵਾਈ ਦੀ ਕਾਰਵਾਈ, ਦਸਤਾਵੇਜ਼ਾਂ ਦੀ ਪੜਤਾਲ ਅਤੇ ਰਜਿਸਟ੍ਰੇਸ਼ਨ ਦੇ ਕੰਮ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ।
ਉਨ੍ਹਾਂ ਦੱਸਿਆ ਕਿ 1 ਜੂਨ 2026 ਤੋਂ 7 ਸਤੰਬਰ 2026 ਤੱਕ ਜ਼ਿਲ੍ਹੇ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਕੁੱਲ 94,650 ਫਾਰਮ ਪ੍ਰਾਪਤ ਹੋਏ ਹਨ। ਇਨ੍ਹਾਂ ਵਿੱਚ 16,176 ਫਾਰਮ ਨੰਬਰ 6, 67 ਫਾਰਮ ਨੰਬਰ 6-ਏ, 3,916 ਫਾਰਮ ਨੰਬਰ 7 ਅਤੇ 20,405 ਫਾਰਮ ਨੰਬਰ 8 ਸ਼ਾਮਲ ਹਨ। ਇਹ ਫਾਰਮ ਵਿਧਾਨ ਸਭਾ ਹਲਕਾ 49-ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਚਮਕੌਰ ਸਾਹਿਬ (ਅ.ਜ.) ਨਾਲ ਸਬੰਧਤ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ 29,891 ਅਨਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 15,141 ਵੋਟਰਾਂ ਤੋਂ ਦਸਤਾਵੇਜ਼ ਪ੍ਰਾਪਤ ਹੋ ਚੁੱਕੇ ਹਨ ਅਤੇ 5,219 ਦਸਤਾਵੇਜ਼ਾਂ ਦੀ ਪੜਤਾਲ ਮੁਕੰਮਲ ਕੀਤੀ ਜਾ ਚੁੱਕੀ ਹੈ। ਬਾਕੀ ਦਸਤਾਵੇਜ਼ਾਂ ਦੀ ਪੜਤਾਲ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੁਣਵਾਈ ਦਾ ਦੂਜਾ ਪੜਾਅ 15 ਸਤੰਬਰ 2026 ਤੱਕ ਮੁਕੰਮਲ ਕੀਤਾ ਜਾਵੇਗਾ। ਡਰਾਫਟ ਐਸ.ਆਈ.ਆਰ.-2026 ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 5,23,752 ਰਜਿਸਟਰਡ ਵੋਟਰ ਹਨ। ਇਨ੍ਹਾਂ ਵਿੱਚ 2,72,270 ਪੁਰਸ਼, 2,51,470 ਮਹਿਲਾ ਅਤੇ 12 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਵੋਟਰਾਂ ਲਈ ਜ਼ਿਲ੍ਹੇ ਵਿੱਚ 532 ਥਾਵਾਂ ’ਤੇ 714 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਅੰਤਿਮ ਪ੍ਰਕਾਸ਼ਨਾ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਮ ਆਦਮੀ ਪਾਰਟੀ ਤੋਂ ਰਾਮ ਕੁਮਾਰ ਮੁਕਾਰੀ, ਕਾਂਗਰਸ ਤੋਂ ਭੁਪਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਜਰਨੈਲ ਸਿੰਘ ਭਾਓਵਾਲ, ਬਹੁਜਨ ਸਮਾਜ ਪਾਰਟੀ ਤੋਂ ਸਰਦੂਲ ਸਿੰਘ ਤੇ ਵਰਿੰਦਰ ਸਿੰਘ ਕਲੇਰ, ਸੀਪੀਐਮ ਤੋਂ ਕਾਮਰੇਡ ਗੁਰਦੇਵ ਸਿੰਘ ਬਾਗੀ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਚੋਣ ਦਫਤਰ ਦੇ ਅਧਿਕਾਰੀ/ਕਰਮਚਾਰੀ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

















