ਸੰਗਰੂਰ 29 July 2026 AJ DI Awaaj
Punjab Desk : ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ‘ਤੇ ਵਾਰੰਟ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਲਈ 19 ਸਤੰਬਰ 2026 ਦੀ ਤਰੀਕ਼ ਨਿਰਧਾਰਤ ਕੀਤੀ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਉਹ ਅਗਲੀ ਤਰੀਕ ‘ਤੇ ਵੀ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ।
ਇਹ ਮਾਮਲਾ ਬਜਰੰਗ ਦਲ ਨਾਲ ਜੁੜੇ ਕਥਿਤ ਮਾਣਹਾਨੀ ਕੇਸ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਖੜਗੇ ਨੂੰ 28 ਜੁਲਾਈ 2026 ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਉਹ ਨਿਰਧਾਰਤ ਤਰੀਕ਼ ‘ਤੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ।
ਇਹ ਪਟੀਸ਼ਨ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 2023 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਬਜਰੰਗ ਦਲ ਦੀ ਤੁਲਨਾ ਪਾਬੰਦੀਸ਼ੁਦਾ ਸੰਗਠਨਾਂ ਨਾਲ ਕਰਕੇ ਉਸ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਸਬੰਧੀ ₹100 ਕਰੋੜ ਦੇ ਮਾਣਹਾਨੀ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਮਾਮਲੇ ਦੀ ਸੁਣਵਾਈ ਸੰਗਰੂਰ ਦੀ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦੀ ਅਦਾਲਤ ਵਿੱਚ ਜਾਰੀ ਹੈ ਅਤੇ ਹੁਣ ਅਗਲੀ ਸੁਣਵਾਈ 19 ਸਤੰਬਰ ਨੂੰ ਹੋਵੇਗੀ।



















