ਮਾਨਸਾ, 02 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਦੀਆਂ ਸਫ਼ਾਈ ਸੇਵਕ ਯੁਨੀਅਨਾਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਸਫ਼ਾਈ ਸੇਵਕ ਯੁਨੀਅਨ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਭਾਰੀ ਬਰਸਾਤਾਂ ਕਾਰਨ ਸ਼ਹਿਰ ਵਿੱਚ ਪਾਣੀ ਖੜ੍ਹ ਜਾਂਦਾ ਹੈ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਹੋਣ ਕਾਰਨ ਜ਼ਿਲ੍ਹੇ ਵਿੱਚ ਕੂੜਾ-ਕਰਕਟ ਦੀ ਸਫ਼ਾਈ ਨਾ ਹੋਣ ਸਦਕਾ ਪਾਣੀ ਦੀ ਨਿਕਾਸੀ ਵਿੱਚ ਵੀ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਪ੍ਰਧਾਨ ਨਗਰ ਕੌਂਸਲ ਸ਼੍ਰੀ ਸੁਨੀਲ ਕੁਮਾਰ ਨੀਨੂੰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਸੇਵਕ ਯੁਨੀਅਨ ਦੀਆਂ ਜੋ ਵੀ ਮੰਗਾਂ ਹਨ, ਉਹ ਸਰਕਾਰ ਦੇ ਧਿਆਨ ਹਿੱਤ ਹਨ ਅਤੇ ਜੋ ਮੰਗਾਂ ਜ਼ਿਲ੍ਹਾ ਪੱਧਰ ਤੇ ਹਨ, ਉਨ੍ਹਾਂ ਦਾ ਹਰ ਸੰਭਵ ਹੱਲ ਜਲਦੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਜ਼ਿਲ੍ਹੇ ਅੰਦਰ ਸਫ਼ਾਈ ਸੇਵਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਪੈਦਾ ਹੋਈ ਸਥਿਤੀ ਵਿੱਚ ਸਾਨੂੰ ਸਾਰਿਆਂ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਸਾਫ਼-ਸਫਾਈ ਨਾ ਹੋਣ ਕਾਰਨ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ।
ਪੰਜਾਬ ਸਫਾਈ ਸੇਵਕ ਯੁਨੀਅਨ ਦੇ ਮੀਤ ਪ੍ਰਧਾਨ ਸੰਜੀਵ ਰੱਤੀ ਨੇ ਡਿਪਟੀ ਕਮਿਸ਼ਨਰ ਨੂੰ ਸਫ਼ਾਈ ਸੇਵਕ ਯੁਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹਰ ਸੰਭਵ ਹੱਲ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਦੇ ਕਹਿਣ ਤੇ ਸਫ਼ਾਈ ਸੇਵਕਾਂ ਨੇ ਆਪਣੀ ਹੜਤਾਲ ਵਾਪਸ ਲੈਂਦਿਆਂ ਮੁੜ ਕੰਮ ਤੇ ਜਾਣ ਦੀ ਹਾਮੀ ਭਰੀ ਅਤੇ ਡਿਪਟੀ ਕਮਿਸ਼ਨਰ ਨੇ ਯੁਨੀਅਨ ਦੇ ਇਸ ਫੈਸਲੇ ਦੀ ਸਰਾਹਨਾ ਕੀਤੀ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਤੇ ਜੋਗਾ ਸ਼੍ਰੀ ਹੈਪੀ ਜਿੰਦਲ, ਕਾਰਜ ਸਾਧਕ ਅਫਸ਼ਰ ਮਾਨਸਾ ਤੇ ਭੀਖੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਬੁਢਲਾਡਾ, ਬਰੇਟਾ ਅਤੇ ਬੋਹਾ ਸ਼੍ਰੀ ਸਿਕੰਦਰ ਸਿੰਘ, ਪ੍ਰਧਾਨ ਬੁਢਲਾਡਾ ਸਫ਼ਾਈ ਕਰਮਚਾਰੀ ਯੁਨੀਅਨ ਸ਼੍ਰੀ ਸੁਨੀਲ ਕੁਮਾਰ ਅਤੇ ਪ੍ਰਧਾਨ ਸਫ਼ਾਈ ਸੇਵਕ ਯੁਨੀਅਨ ਮਾਨਸਾ ਸ਼੍ਰੀ ਵਿਨੋਦ ਕੁਮਾਰ ਤੋਂ ਇਲਾਵਾ ਯੁਨੀਅਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।
