ਜਿਲ੍ਹਾ ਲੋਕ ਸੰਪਰਕ ਦਫਤਰ, ਫਤਹਿਗੜ੍ਹ ਸਾਹਿਬ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ-
ਅਮਲੋਹ/ਫਤਹਿਗੜ੍ਹ ਸਾਹਿਬ,ਅੱਜ ਦੀ ਆਵਾਜ਼ | 10 ਅਪ੍ਰੈਲ 2025
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸ਼ਾਮਲ ਸਕੂਲੀ ਬੱਚਿਆਂ ਨੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਨਸ਼ਾ ਰਹਿਤ ਜ਼ਿੰਦਗੀ ਜਿਉਣ ਦਾ ਸੁਨੇਹਾ ਦਿੱਤਾ।
ਇਸ ਸਬੰਧੀ ਅਮਲੋਹ ਦੇ ਐਸਡੀਐਮ ਚੇਤਨ ਬੰਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਵੇਗੀ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਵਾਸਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਮੀਨੀ ਪੱਧਰ ਤੇ ਕਾਮਯਾਬ ਕੀਤਾ ਜਾ ਸਕੇ।
ਸ੍ਰੀ ਚੇਤਨ ਬੰਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਸਬੰਧੀ ਸੂਚਨਾ ਦੇਣ ਲਈ ਜਾਰੀ ਕੀਤੇ ਗਏ ਵਟਸਐਪ ਨੰਬਰ ਬਾਰੇ ਵੀ ਪਿੰਡਾਂ ਵਿੱਚ ਫਲੈਕਸ ਲਗਵਾਏ ਗਏ ਹਨ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਸਬੰਧੀ ਸੂਚਨਾ ਇਸ ਨੰਬਰ ਤੇ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
