ਚੰਡੀਗੜ੍ਹ ‘ਚ ਭਾਰੀ ਬਾਰਸ਼ ਤੇ ਹੜ੍ਹ ਦੇ ਖ਼ਤਰੇ ਕਾਰਨ ਸਕੂਲ 7 ਸਤੰਬਰ ਤੱਕ ਰਹਿਣਗੇ ਬੰਦ

28

ਚੰਡੀਗੜ੍ਹ 03 Sep 2025 Aj Di Awaaj

Chandigarh Desk : ਭਾਰੀ ਮੀਂਹ ਅਤੇ ਹੜ੍ਹ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇੰਡੀਅਨ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਲਰਟ ਤੋਂ ਬਾਅਦ ਚੰਡੀਗੜ੍ਹ ਦੇ ਸਾਰੇ ਸਕੂਲ 7 ਸਤੰਬਰ 2025 ਤੱਕ ਬੰਦ ਰਹਿਣਗੇ।

ਲਗਾਤਾਰ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੀਆਂ ਸਥਿਤੀਆਂ ਪੈਦਾ ਕਰ ਦਿੱਤੀਆਂ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ‘ਚ ਹਨ। ਚੰਡੀਗੜ੍ਹ ਵਿੱਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ।

ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਵੱਲੋਂ ਵੀ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪਾਲੀਟੈਕਨਿਕ ਇੰਸਟੀਚਿਊਟਸ ਨੂੰ 7 ਸਤੰਬਰ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ।

ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ। ਇਸੇ ਲਈ ਛੁੱਟੀਆਂ ਵਧਾਈਆਂ ਗਈਆਂ ਹਨ ਅਤੇ ਸੰਬੰਧਤ ਸੰਸਥਾਵਾਂ ਨੂੰ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਿਨਾ ਲੋੜ ਦੇ ਘਰੋਂ ਬਾਹਰ ਨਾ ਨਿਕਲਣ ਅਤੇ ਸਥਾਨਕ ਹਦਾਇਤਾਂ ਦੀ ਪਾਲਣਾ ਕਰਨ।