ਨੰਗਲ/ਸ੍ਰੀ ਅਨੰਦਪੁਰ ਸਾਹਿਬ 05 ਅਕਤੂਬਰ 2026 AJ DI Awaaj
Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਰੋਕਣ ਦੇ ਨਾਲ-ਨਾਲ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਨੇ ਹੁਣ ਲੋਕ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਨਾਲ ਜੁੜ ਰਹੇ ਹਨ।
ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਤਲਵਾੜਾ, ਥਲੂਹ, ਥਲੂਹ ਲੋਅਰ, ਵਾਰਡ ਨੰ:7 ਤੇ ਵਾਰਡ ਨੰ:6, ਬਰਾਰੀ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਲੋਤਾ, ਗੰਭੀਰਪੁਰ, ਅੱਪਰ, ਬਸਤੀ ਚੋਧਰੀ ਬਾਠਾਂ, ਸਜਮੌਰ, ਢਰੂ, ਬੀਕਾਪੁਰ, ਬੀਕਾਪੁਰ ਲੋਅਰ, ਚੰਡੇਸਰ, ਮਜਾਰਾ, ਮਾਂਗੇਵਾਲ, ਮਾਗੇਵਾਲ ਬਾਂਸ ਅੱਪਰ, ਸੱਧੇਵਾਲ ਪਿੰਡਾਂ ਤੇ ਵਾਰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਹੋਣ ’ਤੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਮਕਸਦ ਨਸ਼ਿਆਂ ਦੇ ਜਾਲ ਨੂੰ ਤੋੜਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾ ਕੇ ਸਹੀ ਰਸਤੇ ’ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਉਣ ਨਾਲ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਚੇਤਨਾ ਵਧੀ ਹੈ ਅਤੇ ਪਰਿਵਾਰ ਵੀ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹੋਰ ਜਾਗਰੂਕ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾਉਣ ਲਈ ਪਹੁੰਚ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਇਸ ਤੋਂ ਛੁਟਕਾਰਾ ਪਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਪਰਿਵਾਰ, ਸਮਾਜ ਅਤੇ ਸਰਕਾਰੀ ਤੰਤਰ ਮਿਲ ਕੇ ਕੰਮ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ।



















