4November 2025 Aj Di Awaaj
Punjab Desk ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਮਨਜ਼ੂਰੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਨ੍ਹਾਂ ਮਤਿਆਂ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ਕੇਂਦਰ ਸਰਕਾਰ ਤੋਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨ, ਸਿੱਖ ਕੌਮ ਦੀਆਂ ਵਾਜਿਬ ਮੰਗਾਂ ਅਤੇ ਪੰਜਾਬ ਨਾਲ ਜੁੜੇ ਮਾਮਲਿਆਂ ‘ਤੇ ਧਿਆਨ ਦੇਣ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ, ਪੰਜਾਬ ਵਿੱਚ ਆਏ ਹੜ੍ਹਾਂ ‘ਤੇ ਸੰਵੇਦਨਾ ਜ਼ਾਹਰ ਕਰਦਿਆਂ ਸਹਾਇਤਾ ਪਹੁੰਚਾਉਣ ਵਾਲੀਆਂ ਸੰਸਥਾਵਾਂ ਦੀ ਪ੍ਰਸ਼ੰਸਾ ਕਰਨ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ, ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਇਤਿਹਾਸਕ ਸਥਾਨਾਂ ਨਾਲ ਜੁੜੇ ਮਾਮਲੇ ਹੱਲ ਕਰਨ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਿੰਡੀਕੇਟ ਨੂੰ ਖਤਮ ਕਰਨ ਦੇ ਫੈਸਲੇ ਦੀ ਨਿੰਦਾ ਕਰਨ ਵਰਗੇ ਅਹਿਮ ਮਤੇ ਵੀ ਪਾਸ ਕੀਤੇ ਗਏ। ਇਸਦੇ ਨਾਲ ਹੀ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਸੰਸਦ ਅੰਦਰ ਨਸਲਕੁਸ਼ੀ ਘੋਸ਼ਿਤ ਕਰਨ ਦੀ ਮੰਗ ਕਰਦਾ ਮਤਾ ਵੀ ਸ਼ਾਮਲ ਹੈ।














