ਕਿਸਾਨ ਮੋਰਚੇ ਕਾਰਨ ਚੰਡੀਗੜ੍ਹ ’ਚ ਕਈ ਰਸਤੇ ਪ੍ਰਭਾਵਿਤ

23

ਚੰਡੀਗੜ੍ਹ:  02 Sep 2026 AJ DI Awaaj

Chandigarh Desk :   ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਤ ਦਿਨਾਂ ਲਈ ਲਗਾਏ ਗਏ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਲਈ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਖੜ੍ਹੀਆਂ ਕੀਤੇ ਜਾਣ ਅਤੇ ਸੁਰੱਖਿਆ ਪ੍ਰਬੰਧਾਂ ਕਾਰਨ ਕਈ ਸੜਕਾਂ ’ਤੇ ਆਵਾਜਾਈ ਨੂੰ ਡਾਇਵਰਟ ਜਾਂ ਸੀਮਤ ਕੀਤਾ ਗਿਆ ਹੈ।

ਇਨ੍ਹਾਂ ਰਸਤਿਆਂ ’ਤੇ ਰਹੇਗੀ ਪਾਬੰਦੀ

ਟ੍ਰੈਫਿਕ ਪੁਲਿਸ ਮੁਤਾਬਕ ਫੈਦਾਂ ਬੈਰੀਅਰ ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਦੇ ਇੱਕ ਹਿੱਸੇ ’ਤੇ ਆਵਾਜਾਈ ਡਾਇਵਰਟ ਕੀਤੀ ਗਈ ਹੈ।

ਇਸ ਤੋਂ ਇਲਾਵਾ ਟੀ-ਪੁਆਇੰਟ, ਸੈਕਟਰ-48 ਲਾਈਟ ਪੁਆਇੰਟ (ਵਾਈਨ ਸ਼ਾਪ ਨੇੜੇ) ਤੋਂ ਸੈਕਟਰ-48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲਾ ਟ੍ਰੈਫਿਕ ਵੀ ਸੀਮਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸੈਕਟਰ-48/49 ਅਤੇ ਸੈਕਟਰ-49/50 ਦੀਆਂ ਡਿਵਾਈਡਿੰਗ ਸੜਕਾਂ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਆਵਾਜਾਈ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਸੜਕ ਦਾ ਇੱਕ ਪਾਸਾ ਬੰਦ

ਕਿਸਾਨਾਂ ਵੱਲੋਂ ਮੁਹਾਲੀ ਦੇ ਫੇਜ਼-11 ਤੋਂ ਚੰਡੀਗੜ੍ਹ ਦੇ ਸੈਕਟਰ-48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕੀਤੀਆਂ ਗਈਆਂ ਹਨ। ਇਸ ਕਾਰਨ ਮੁਹਾਲੀ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਸੜਕ ਦਾ ਇੱਕ ਪਾਸਾ ਬੰਦ ਕੀਤਾ ਹੈ।

ਉੱਧਰ, ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-48 ਵਿੱਚ ਕਿਸਾਨਾਂ ਦੀ ਸਟੇਜ ਅਤੇ ਪੰਡਾਲ ਦੇ ਪਿਛਲੇ ਪਾਸੇ ਤਿੰਨ ਪੱਧਰੀ ਕੰਡੇਦਾਰ ਤਾਰਾਂ ਦੀ ਬੈਰੀਕੇਡਿੰਗ ਕੀਤੀ ਗਈ ਹੈ। ਸੁਰੱਖਿਆ ਲਈ RAF ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਅਤੇ ਸੰਭਵ ਹੋਵੇ ਤਾਂ ਬਦਲਵੇਂ ਰੂਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਟ੍ਰੈਫਿਕ ਨਾਲ ਸਬੰਧਤ ਤਾਜ਼ਾ ਜਾਣਕਾਰੀ ਲਈ ਲੋਕ ਪੁਲਿਸ ਦੇ ਸੋਸ਼ਲ ਮੀਡੀਆ ਹੈਂਡਲਜ਼ ’ਤੇ ਅਪਡੇਟ ਰਹਿਣ।

ਟ੍ਰੈਫਿਕ ਅਪਡੇਟ ਲਈ ਪੁਲਿਸ ਵੱਲੋਂ X, Instagram ਅਤੇ Facebook ’ਤੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

7 ਦਿਨਾਂ ਲਈ ਕਿਸਾਨਾਂ ਦਾ ਪੱਕਾ ਮੋਰਚਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਇੱਥੇ ਪਹੁੰਚੇ ਹਨ।

ਕਿਸਾਨਾਂ ਵੱਲੋਂ ਦੋ ਕਿਲੋਮੀਟਰ ਤੋਂ ਵੱਧ ਖੇਤਰ ਵਿੱਚ ਰਹਿਣ-ਸਹਿਣ ਦੇ ਪ੍ਰਬੰਧ ਕੀਤੇ ਗਏ ਹਨ। ਮੋਰਚੇ ਵਿੱਚ ਔਰਤਾਂ ਦੀ ਵੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ।

ਕਿਸਾਨ ਆਗੂਆਂ ਮੁਤਾਬਕ ਦਿੱਲੀ ਮੋਰਚੇ ਦੀ ਤਰਜ਼ ’ਤੇ ਇੱਥੇ ਰੋਜ਼ਾਨਾ ਕਰੀਬ ਚਾਰ ਘੰਟੇ ਸਟੇਜ ਚਲਾਈ ਜਾਵੇਗੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵਾਰੀ-ਵਾਰੀ ਸਟੇਜ ਸੰਭਾਲਣਗੇ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਕਿਸਾਨ ਜਥੇਬੰਦੀਆਂ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਇਹ ਮੋਰਚਾ ਲਗਾਇਆ ਗਿਆ ਹੈ। ਇਨ੍ਹਾਂ ਵਿੱਚ ਮੁੱਖ ਤੌਰ ’ਤੇ:

ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਮਝੌਤੇ ਰੱਦ ਕਰਨ ਦੀ ਮੰਗ।
ਸਾਰੀਆਂ ਫ਼ਸਲਾਂ ਲਈ MSP ਦੀ ਕਾਨੂੰਨੀ ਗਾਰੰਟੀ।
ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ।
BBMB ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕਰਨਾ।

ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ਦੀ ਵੀ ਨਿਖੇਧੀ ਕੀਤੀ ਹੈ।

ਮੋਰਚੇ ’ਚ ਲੰਗਰ ਅਤੇ ਮੈਡੀਕਲ ਕੈਂਪ ਦੇ ਪ੍ਰਬੰਧ

ਮੋਰਚੇ ਦੌਰਾਨ ਮੀਂਹ ਤੋਂ ਬਚਾਅ ਲਈ ਟਰੈਕਟਰ-ਟਰਾਲੀਆਂ ’ਤੇ ਤਿਰਪਾਲਾਂ ਲਗਾਈਆਂ ਗਈਆਂ ਹਨ। ਧਰਨਾ ਸਥਾਨ ’ਤੇ ਚਾਹ ਅਤੇ ਪ੍ਰਸ਼ਾਦੇ ਦੇ ਲੰਗਰ ਚੱਲ ਰਹੇ ਹਨ। ਇਸ ਦੇ ਨਾਲ ਹੀ ਸਟੇਜ ਦੇ ਨੇੜੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਆਮ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕਣ ਦੇ ਹੱਕ ਵਿੱਚ ਨਹੀਂ ਹਨ ਅਤੇ ਸੜਕ ਦੇ ਦੂਜੇ ਪਾਸੇ ਟ੍ਰੈਫਿਕ ਚਲਾਉਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ।

ਇਸ ਦੌਰਾਨ ਕਿਸਾਨ ਆਗੂਆਂ ਨੇ ਮੁਹਾਲੀ ਪ੍ਰਸ਼ਾਸਨ ’ਤੇ ਲੋੜੀਂਦੀਆਂ ਸਹੂਲਤਾਂ ਨਾ ਦੇਣ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਮੁਤਾਬਕ ਬਿਜਲੀ, ਮੋਬਾਈਲ ਪਖਾਨੇ, ਸਫ਼ਾਈ ਅਤੇ ਫੌਗਿੰਗ ਵਰਗੀਆਂ ਸਹੂਲਤਾਂ ਦੀ ਲੋੜ ਹੈ। ਪ੍ਰਸ਼ਾਸਨ ਵੱਲੋਂ ਮੋਰਚੇ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।