1955 ਸ੍ਰੀ ਹਰਿਮੰਦਰ ਸਾਹਿਬ ਹਮਲੇ ਦੀ ਯਾਦ ‘ਚ SGPC ਵੱਲੋਂ ਸਮਾਗਮ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

24

4 July 2026 Aj Di Awaaj

Punjab Desk:  4 ਜੁਲਾਈ 1955 ਨੂੰ ਪੰਜਾਬੀ ਸੂਬਾ ਮੋਰਚੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ, ਜਦਕਿ ਹੁਕਮਨਾਮਾ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ।

ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਵੱਖ-ਵੱਖ ਸਮਿਆਂ ਵਿੱਚ ਹਾਕਮਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਕਰਕੇ ਸਿੱਖ ਕੌਮ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ 4 ਜੁਲਾਈ 1955 ਦੀ ਘਟਨਾ ਸਿੱਖ ਇਤਿਹਾਸ ਦਾ ਦਰਦਨਾਕ ਅਧਿਆਇ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਰਕਾਰ ਨੇ ਅਕਾਲੀ ਆਗੂਆਂ ਅਤੇ ਸਿੱਖਾਂ ਨਾਲ ਧੱਕੇਸ਼ਾਹੀ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਵੀ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਗਿਆ।

ਸਮਾਗਮ ਦੌਰਾਨ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸਕ ਘਟਨਾਵਾਂ ਸਾਂਝੀਆਂ ਕੀਤੀਆਂ ਅਤੇ ਸ਼ਹੀਦਾਂ ਦੀ ਯਾਦ ਨੂੰ ਨਮਨ ਕੀਤਾ।