ਬਟਾਲਾ, 30 ਅਕਤੂਬਰ 2025 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਲਿੰਕ ਸੜਕਾਂ ਦੇ ਵਿਸ਼ੇਸ਼ ਨਿਰਮਾਣ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਸੜਕਾਂ ਬਣਾ ਰਹੇ ਠੇਕੇਦਾਰ ਪੰਜ ਸਾਲ ਤੱਕ ਸੜਕ ਦੇ ਰੱਖ ਰਖਾਅ (ਮੈਨਟੇਨਸ) ਲਈ ਪਾਬੰਦ ਕੀਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਰੋਡ-ਬਟਾਲਾ ਤੋਂ ਪਿੰਡ ਬਹਿਲੂਵਾਲ ਤੱਕ ਦੀ ਲਿੰਕ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ, ਆਧਾਰ ਤੇ ਹੱਲ ਕੀਤੀਆਂ ਗਈਆਂ ਹਨ। ਇਸ ਮੌਕੇ ਐਕਸੀਅਨ ਬਲਦੇਵ ਸਿੰਘ, ਸਰਪੰਚ ਜੋਗਾ ਸਿੰਘ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀ.ਸੀ.ਟੀ.ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।
 
 
                

 
 
 
 
