Mansa 25 May 2026 AJ DI Awaaj
Manoranjan Desk : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਤਬੀਅਤ ਅਚਾਨਕ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਜੈਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਛਾਤੀ ਦਰਦ ਅਤੇ ਘਬਰਾਹਟ ਦੀ ਸਮੱਸਿਆ ਨਾਲ ਪਰੇਸ਼ਾਨ ਸਨ, ਜਿਸ ਕਾਰਨ ਪਰਿਵਾਰ ਵੀ ਚਿੰਤਿਤ ਸੀ।
ਸਭ ਤੋਂ ਪਹਿਲਾਂ ਬਲਕੌਰ ਸਿੰਘ ਨੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਆਪਣਾ ਚੈਕਅੱਪ ਕਰਵਾਇਆ, ਪਰ ਉੱਥੇ ਵਧੀਆ ਆਰਾਮ ਨਾ ਮਿਲਣ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦਾ ਇਲਾਜ ਜੈਪੁਰ ਵਿੱਚ ਕਰਵਾਉਣ ਦਾ ਫੈਸਲਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਸਥਾਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਦਿਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ।
ਰਿਪੋਰਟਾਂ ਵਿੱਚ ਦਿਲ ਦੀ ਇੱਕ ਆਰਟਰੀ ਵਿੱਚ ਬਲੌਕੇਜ ਸਾਹਮਣੇ ਆਉਣ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਐਂਜੀਓਪਲਾਸਟੀ ਕਰਨ ਦਾ ਫੈਸਲਾ ਕੀਤਾ। ਡਾ. ਰਵਿੰਦ੍ਰ ਸਿੰਘ ਰਾਓ ਦੀ ਦੇਖਰੇਖ ਹੇਠ ਇਹ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕੀਤੀ ਗਈ।
ਹਸਪਤਾਲ ਦੇ ਸੂਤਰਾਂ ਮੁਤਾਬਕ ਸਰਜਰੀ ਤੋਂ ਬਾਅਦ ਬਲਕੌਰ ਸਿੰਘ ਦੀ ਸਿਹਤ ਵਿੱਚ ਸੁਧਾਰ ਆਇਆ ਹੈ। ਕੁਝ ਦਿਨ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।
ਇਲਾਜ ਦੌਰਾਨ ਉਨ੍ਹਾਂ ਦੀ ਪਤਨੀ ਚਰਨ ਕੌਰ ਅਤੇ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਮੌਜੂਦ ਰਹੇ। ਹਾਲਾਂਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਨੇੜਲੇ ਲੋਕਾਂ ਅਨੁਸਾਰ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਸਿੱਧੂ ਮੂਸੇਵਾਲਾ ਦੇ ਦੇ*ਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਸਮਾਜਿਕ ਅਤੇ ਜਨਤਕ ਗਤੀਵਿਧੀਆਂ ਵਿੱਚ ਸਰਗਰਮ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਦੀ ਖਬਰ ਨਾਲ ਪ੍ਰਸ਼ੰਸਕਾਂ ਅਤੇ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਸੋਸ਼ਲ ਮੀਡੀਆ ‘ਤੇ ਵੀ ਲੋਕ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸਾਂ ਕਰ ਰਹੇ ਹਨ।














