ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਅਤੇ ਕਾਨੂੰਨੀ ਅਪਰਾਧ- ਡਾ. ਦਲਜੀਤ ਕੌਰ

15

ਕੀਰਤਪੁਰ ਸਾਹਿਬ ਅੱਜ ਦੀ ਆਵਾਜ਼ | 22 ਅਪ੍ਰੈਲ 2025

ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਬੱਸ ਅੱਡੇ, ਰੇਲਵੇ ਸਟੇਸ਼ਨ, ਵਿੱਦਿਅਕ ਅਤੇ ਸਿਹਤ ਅਦਾਰਿਆਂ ਸਮੇਤ ਕਈ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਅਤੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ।

     ਸੀਨੀਅਰ ਮੈਡੀਕਲ ਅਫ਼ਸਰ ਡਾ. ਦਲਜੀਤ ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿੱਦਿਅਕ ਅਦਾਰੇ ਦੇ 100 ਗੱਜ਼ ਦੇ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿਕਰੀ ਕਰਨ ’ਤੇ ਰੋਕ ਹੈ। ਇਸ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ ‘ਤੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ।

      ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ। ਇਹ ਨਾ ਸਿਰਫ਼ ਮੂੰਹ, ਗਲੇ, ਭੋਜਨ ਨਲੀ ਆਦਿ ਦੇ ਕੈਂਸਰ ਦਾ ਕਾਰਨ ਬਣਦਾ ਹੈ, ਸਗੋਂ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਹਾਈ ਬੀ.ਪੀ ਵਰਗੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਇਸ ਤੋਂ ਇਲਾਵਾ ਸਿਗਰਟ ਤੇ ਬੀੜੀ ਦੀ ਵਰਤੋਂ ਨਾ ਸਿਰਫ਼ ਪੀਣ ਵਾਲੇ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਇਸ ਦਾ ਧੂੰਆਂ ਨਾ ਪੀਣ ਵਾਲੇ ਵਿਅਕਤੀਆਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਡਾ.ਦਲਜੀਤ ਕੌਰ ਨੇ ਕਿਹਾ ਕਿ ਤੰਬਾਕਨੋਸ਼ੀ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵੀ ਘਟਦੀ ਹੈ ਤੇ ਸੰਕਰਮਨ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਕਰਕੇ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।

         ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਹੋਰ ਮਾੜੀ ਆਦਤ ਨੂੰ ਛੱਡਣ ਵਾਂਗ ਤੰਬਾਕੂ ਦੀ ਆਦਤ ਨੂੰ ਛੱਡਣ ਲਈ ਵੀ ਮਜ਼ਬੂਤ ਇੱਛਾ ਸ਼ਕਤੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਤੰਬਾਕੂ ਦਾ ਸੇਵਨ ਕਰਨ ਵਾਲਾ ਵਿਅਕਤੀ ਪੱਕਾ ਇਰਾਦਾ ਬਣਾ ਲਵੇ ਤਾਂ ਤੰਬਾਕੂ ਦੀ ਆਦਤ ਤੋਂ ਸੌਖਿਆਂ ਛੁਟਕਾਰਾ ਪਾਇਆ ਜਾ ਸਕਦਾ ਹੈ।

     ਇਸ ਮੌਕੇ ਹੈਲਥ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਜਨਤਕ ਥਾਂਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਗਿਆ। ਉਹਨਾਂ ਦੱਸਿਆ ਕਿ ਖਾਣ ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਸਬੰਧੀ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ’ਤੇ ਤੰਬਾਕੂ ਐਕਟ 2003 ਅਧੀਨ ਹੋਣ ਵਾਲੇ ਜੁਰਮਾਨਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।

    ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਉਬਰਾਏ,ਹੈਲਥ ਇੰਸੈਕਟਰ ਸੁਖਦੀਪ ਸਿੰਘ, ਸਿਕੰਦਰ ਸਿੰਘ, ਮੁਲਟੀਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਰਵਿੰਦਰ ਸਿੰਘ, ਸੰਜੀਵ ਕੁਮਾਰ ਹਾਜ਼ਰ ਸਨ।