ਸੋਨਮ ਵਾਂਗਚੁਕ ਜੇਲ੍ਹ ਤੋਂ ਰਿਹਾਅ, ਕੇਂਦਰ ਸਰਕਾਰ ਨੇ NSA ਵੀ ਕੀਤਾ ਖਤਮ

18

Delhi 14 Mar 2026 AJ DI Awaaj

National Desk :  ਕੇਂਦਰ ਸਰਕਾਰ ਨੇ ਸਮਾਜਿਕ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਲੱਦਾਖ ਵਿੱਚ ਹੋਈ ਹਿੰਸਕ ਘਟਨਾਵਾਂ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵੀ ਲਗਾਇਆ ਗਿਆ ਸੀ। ਹੁਣ ਸਰਕਾਰ ਨੇ ਉਨ੍ਹਾਂ ਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।

ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੱਦਾਖ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਮਜ਼ਬੂਤ ਕਰਨ ਅਤੇ ਸਾਰੇ ਪੱਖਾਂ ਨਾਲ ਰਚਨਾਤਮਕ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਦਾ ਨਿਰਣੇ ਕੀਤਾ ਹੈ।

ਜਾਣਕਾਰੀ ਮੁਤਾਬਕ ਕੁਝ ਮਹੀਨੇ ਪਹਿਲਾਂ ਲੱਦਾਖ ਵਿੱਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ ਸਨ ਅਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦੇ ਹੋਏ ਸੋਨਮ ਵਾਂਗਚੁਕ ਸਮੇਤ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਉਨ੍ਹਾਂ ‘ਤੇ NSA ਤਹਿਤ ਕਾਰਵਾਈ ਕੀਤੀ ਗਈ ਸੀ।

ਸੋਨਮ ਵਾਂਗਚੁਕ ਲੱਦਾਖ ਦੇ ਮਸ਼ਹੂਰ ਇੰਜੀਨੀਅਰ, ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਕਾਰਕੁਨ ਹਨ। ਉਹ ਸਿੱਖਿਆ ਸੁਧਾਰ ਅਤੇ ਵਾਤਾਵਰਣ ਸੰਭਾਲ ਦੇ ਮੁੱਦਿਆਂ ‘ਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਬਾਲੀਵੁੱਡ ਫਿਲਮ ‘3 ਇਡੀਅਟਸ’ ਵਿੱਚ ਆਮਿਰ ਖਾਨ ਵੱਲੋਂ ਨਿਭਾਇਆ ਗਿਆ ਕਿਰਦਾਰ ‘ਫੁਨਸੁਖ ਵਾਂਗੜੂ’ ਵੀ ਉਨ੍ਹਾਂ ਤੋਂ ਪ੍ਰੇਰਿਤ ਦੱਸਿਆ ਜਾਂਦਾ ਹੈ।

ਹਾਲੀਆ ਸਮੇਂ ਵਿੱਚ ਉਹ ਲੱਦਾਖ ਲਈ ਸੰਵਿਧਾਨਕ ਸੁਰੱਖਿਆ, ਵਾਤਾਵਰਣ ਸੰਭਾਲ ਅਤੇ ਸਥਾਨਕ ਲੋਕਾਂ ਦੇ ਅਧਿਕਾਰਾਂ ਨੂੰ ਲੈ ਕੇ ਵੀ ਕਈ ਵਾਰ ਅੰਦੋਲਨ ਕਰਦੇ ਰਹੇ ਹਨ।

ਕੇਂਦਰ ਸਰਕਾਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਲੱਦਾਖ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਅਤੇ ਖੇਤਰ ਦੀ ਸੁਰੱਖਿਆ ਤੇ ਸਥਿਰਤਾ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਸਰਕਾਰ ਖੇਤਰ ਦੇ ਲੋਕਾਂ ਦੇ ਹਿੱਤਾਂ ਅਤੇ ਵਿਕਾਸ ਲਈ ਜ਼ਰੂਰੀ ਕਦਮ ਲੈਂਦੀ ਰਹੇਗੀ।