ਮਾਲੇਰਕੋਟਲਾ, 07 ਅਪ੍ਰੈਲ 2026 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਨੈਪਕਿਨ ਵੰਡ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸ਼ੋਰੀਆਂ ਅਤੇ ਮਹਿਲਾਵਾਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ।
ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੇ-ਆਪਣੇ ਕੇਂਦਰਾਂ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਨਾਲ ਮੀਟਿੰਗਾਂ ਕਰਕੇ ਮਾਹਵਾਰੀ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸੈਨੇਟਰੀ ਨੈਪਕਿਨ ਦੀ ਸਹੀ ਵਰਤੋਂ ਅਤੇ ਇਸ ਦੇ ਸੁਰੱਖਿਅਤ ਨਿਪਟਾਰੇ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਪੁਰਾਣੀਆਂ ਧਾਰਣਾਵਾਂ ਅਤੇ ਗਲਤਫ਼ਹਿਮੀਆਂ ਨੂੰ ਦੂਰ ਕਰਨ ਲਈ ਖੁੱਲ੍ਹੀ ਚਰਚਾ ਵੀ ਕਰਵਾਈ ਗਈ।
ਮੁਹਿੰਮ ਦੌਰਾਨ ਕੈਂਪਾਂ ਵਿੱਚ ਸ਼ਾਮਲ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਗਏ, ਜਿਸ ਨਾਲ ਸਫ਼ਾਈ ਪ੍ਰਤੀ ਉਨ੍ਹਾਂ ਦੀ ਜਾਗਰੂਕਤਾ ਵਿੱਚ ਵਾਧਾ ਹੋਇਆ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਚਾਅ ਲਈ ਮਦਦ ਮਿਲੇਗੀ। ਇਸ ਉਪਰਾਲੇ ਨਾਲ ਗਰੀਬ ਅਤੇ ਪਿੱਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਵਿਸ਼ੇਸ਼ ਲਾਭ ਪ੍ਰਾਪਤ ਹੋਇਆ।
ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਆਗਾਮੀ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਮਹਿਲਾਵਾਂ ਦੀ ਸਿਹਤ ਅਤੇ ਸਫ਼ਾਈ ਪ੍ਰਤੀ ਸਮਾਜ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਰਾਹੀਂ ਕੀਤੇ ਜਾ ਰਹੇ ਇਹ ਉਪਰਾਲੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।














