ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

2

ਹੁਸ਼ਿਆਰਪੁਰ, 22 ਅਕਤੂਬਰ 2026 AJ DI Awaaj

Punjab Desk   : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਪ੍ਰੋਗਰਾਮ ਵਿੱਚ ਅੰਸ਼ਕ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ 2026 ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਪਹਿਲਾਂ ਇਹ ਕੈਂਪ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣੇ ਸਨ।
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੋਧੇ ਹੋਏ ਪ੍ਰੋਗਰਾਮ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੂੰ ਆਪਣੇ-ਆਪਣੇ ਪੋਲਿੰਗ ਬੂਥ ’ਤੇ ਨਿਰਧਾਰਤ ਸਮੇਂ ਦੌਰਾਨ ਹਾਜ਼ਰ ਰਹਿ ਕੇ ਵੋਟਰ ਸੂਚੀਆਂ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਐੱਲਓ ਸੁਪਰਵਾਈਜ਼ਰਾਂ ਨੂੰ ਵੀ ਕੈਂਪ ਦੌਰਾਨ ਬੀਐੱਲਓਜ਼ ਨੂੰ ਲੋੜੀਂਦਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੀ ਨਿਗਰਾਨੀ ਸਬੰਧਤ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਸਹਾਇਕ ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਸਹਿਯੋਗ ਨਾਲ ਪੋਲਿੰਗ ਬੂਥਾਂ ਦਾ ਨਿਰੀਖਣ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਸਬੰਧਤ ਸਕੂਲਾਂ ਅਤੇ ਦਫ਼ਤਰਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਸੰਸਥਾਵਾਂ ਵਿੱਚ ਪੋਲਿੰਗ ਬੂਥ ਸਥਾਪਿਤ ਹਨ, ਉਹ 24 ਅਕਤੂਬਰ ਨੂੰ ਵਿਸ਼ੇਸ਼ ਕੈਂਪ ਦੌਰਾਨ ਆਪਣੇ ਸਕੂਲ ਜਾਂ ਦਫ਼ਤਰ ਖੁੱਲ੍ਹੇ ਰੱਖਣ ਅਤੇ ਬੀਐੱਲਓਜ਼ ਨੂੰ ਲੋੜੀਂਦਾ ਫਰਨੀਚਰ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ 19 ਅਕਤੂਬਰ ਤੋਂ ਅਗਲੇ 10 ਦਿਨਾਂ ਤੱਕ ਵਿਧਾਨ ਸਭਾ ਹਲਕਾ ਪੱਧਰ ’ਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਪਹਿਲਾਂ ਜਾਰੀ ਨਿਰਦੇਸ਼ ਪਹਿਲਾਂ ਵਾਂਗ ਲਾਗੂ ਰਹਿਣਗੇ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਵੋਟਰ ਆਪਣੀ ਵੋਟ ਦੀ ਸਥਿਤੀ ਦੀ ਜਾਂਚ ਕਰ ਸਕਣਗੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਹਫ਼ਤਾਵਾਰੀ ਸੂਚੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਤਜਵੀਜ਼ਾਂ ਨਿਰਧਾਰਤ ਸਮਾਂ-ਸੀਮਾ ਅਨੁਸਾਰ ਭੇਜਣ ਅਤੇ ਸੁਧਾਈ ਪ੍ਰਕਿਰਿਆ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪ ਦੌਰਾਨ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵੇ ਜਾਂ ਇਤਰਾਜ਼ ਪੇਸ਼ ਕਰਨ।