ਸ੍ਰੀ ਮੁਕਤਸਰ ਸਾਹਿਬ, 29 ਅਗਸਤ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਲੜੀ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਖੇ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਸ ਮੁਹਿੰਮ ਦੀ ਸ਼ੁਰੂਆਤ ਦੌਰਾਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਐਸ.ਡੀ.ਐੱਮ. ਸ੍ਰੀ ਗੁਰਕਿਰਨ ਦੀਪ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਅਤੇ ਨਗਰ ਕੌਂਸਲ ਦੀ ਟੀਮ ਨੂੰ ਨਾਲ ਲੈ ਕੇ ਖ਼ੁਦ ਮੈਦਾਨ ਵਿੱਚ ਉੱਤਰ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਰੰਭਤਾ ਕਰਵਾਈ।
ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੋਂ ਬਿਹਤ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਇਹ 10 ਰੋਜ਼ਾ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਹਰ ਕੋਨੇ ਵਿੱਚੋਂ ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਚਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣਾ ਅਤੇ ਆਮ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕਤਾ ਅਤੇ ਜਿੰਮੇਵਾਰੀ ਪੈਦਾ ਕਰਨਾ ਹੈ। ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਵਾਰਡ-ਵਾਰ ਸਫਾਈ ਕੀਤੀ ਜਾਵੇਗੀ ਅਤੇ ਇੱਕਤਰ ਕੀਤੇ ਕੂੜੇ ਦਾ ਵਾਤਾਵਰਨ ਪੱਖੀ ਤਰੀਕੇ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਨਗਰ ਕੌਂਸਲ ਵਿੱਚ ਰਹਿਣ ਵਾਲਾ ਕੋਈ ਵੀ ਸ਼ਹਿਰ ਵਾਸੀ ਸਫ਼ਾਈ ਸਬੰਧੀ ਐਮ.ਸੇਵਾ. ਐਪ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਸ. ਬਰਾੜ ਨੇ ਫਰੰਟ ਲਾਈਨ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸਾਡੇ ਸਮਾਜ ਦੇ ਅਸਲ ਨਾਇਕ ਹਨ ਜੋ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ‘ਤੇ ਸੁੱਟਣ ਦੀ ਬਜਾਏ ਕੇਵਲ ਨਿਰਧਾਰਤ ਡਸਟਬਿਨਾਂ ਵਿੱਚ ਹੀ ਪਾਉਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਅਪੀਲ ਕੀਤੀ ਕਿ ਆਮ ਜਨਤਾ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਮੁਕੰਮਲ ਨਹੀਂ ਹੋ ਸਕਦੀ, ਇਸ ਲਈ ਹਰ ਵਸਨੀਕ ਆਪਣਾ ਨੈਤਿਕ ਫ਼ਰਜ਼ ਪਛਾਣਦੇ ਹੋਏ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਵੇ।
ਇਸ ਮੌਕੇ ਚੇਅਰਮੈਨ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਧਾਨ ਨਗਰ ਕੌਂਸਲ ਸ੍ਰੀ ਹਰਦੀਪ ਸਿੰਘ ਕਾਲਾ, ਜਨਰਲ ਇੰਸਪੈਕਟਰ ਨਗਰ ਕੌਂਸਲ ਸ੍ਰੀ ਸੋਮਵੀਰ, ਸੈਨਟਰੀ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ, ਐਮ.ਸੀ. ਸ੍ਰੀ ਸੁਖਜਿੰਦਰ ਸਿੰਘ, ਐਮ.ਸੀ. ਸ੍ਰੀ ਰਾਮ ਸਿੰਘ ਪੱਪੀ, ਡਾ. ਤਰਸੇਮ ਬਾਂਸਲ, ਜਸਪਾਲ ਸ਼ਰਮਾ, ਗੁਰਮੀਤ ਸਿੰਘ ਅਤੇ ਸਮਾਰਟ ਮੌਰਨਿੰਗ ਵਾਕ ਗਰੁੱਪ ਦੀ ਟੀਮ ਮੈਂਬਰਜ਼ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।

















