ਬਰਨਾਲਾ, 26 ਸਤੰਬਰ 2026 AJ DI Awaaj
Punjab Desk : ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਸ਼ੁਰੂਆਤੀ (ਪ੍ਰਾਰੰਭਿਕ) ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੌਚਕ ਬਣਾਉਣ ਦੇ ਮਕਸਦ ਨਾਲ ‘ਮਿਸ਼ਨ ਆਰੰਭ’ ਤਹਿਤ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ 22 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਸਮਾਗਮ ਪਿੰਡ ਹਰੀਗੜ੍ਹ ਦੇ ਆਂਗਣਵਾੜੀ ਸੈਂਟਰ (ਸੈਦੋ ਪੱਤੀ ਪਾਰਕ) ਵਿਖੇ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ (ਆਈ.ਏ.ਐੱਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹੋਣਹਾਰ ਵਰਕਰਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਹ ਸਨਮਾਨ ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਆਪਣੇ ਕੇਂਦਰਾਂ ਵਿੱਚ ਬੱਚਿਆਂ ਦੀ ਪ੍ਰਾਰੰਭਿਕ ਸਿੱਖਿਆ ਲਈ ਰਾਸ਼ਟਰੀ ਪਾਠਕ੍ਰਮ ‘ਆਧਾਰਸ਼ਿਲਾ’ ਅਧੀਨ ਖੇਡ-ਆਧਾਰਿਤ ਗਤੀਵਿਧੀਆਂ ਲਗਾਤਾਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਵਾਈਆਂ ਗਈਆਂ। ਇਨ੍ਹਾਂ ਵਰਕਰਾਂ ਨੇ ਮਿਸ਼ਨ ਆਰੰਭ ਤਹਿਤ ਚਲਾਏ ਜਾ ਰਹੇ ਸਿਖਲਾਈ ਅਤੇ ਸਮਰੱਥਾ-ਵਿਕਾਸ ਪ੍ਰੋਗਰਾਮ ਵਿੱਚ ਲਗਾਤਾਰ ਹਿੱਸਾ ਲੈ ਕੇ ਸਰਵੋਤਮ ਪ੍ਰਦਰਸ਼ਨ ਕੀਤਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜੀਵਨ ਦੇ ਸ਼ੁਰੂਆਤੀ ਸਾਲ ਉਨ੍ਹਾਂ ਦੇ ਸਮੁੱਚੇ ਵਿਕਾਸ ਦੀ ਮਜ਼ਬੂਤ ਨੀਂਹ ਰੱਖਦੇ ਹਨ। ਇਸ ਲਈ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੇਡਾਂ ਅਤੇ ਗਤੀਵਿਧੀਆਂ ਰਾਹੀਂ ਸਿੱਖਣ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਸਾਰੀਆਂ ਵਰਕਰਾਂ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ‘ਮਿਸ਼ਨ ਆਰੰਭ’ ਅਤੇ ‘ਨਿੱਕੇ ਕਦਮ’ ਪ੍ਰੋਗਰਾਮਾਂ ਦੀ ਅਹਿਮੀਅਤ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਬੱਚਿਆਂ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰ ਰਹੀਆਂ ਹਨ। ਉਨ੍ਹਾਂ ਨੇ ਪ੍ਰੋਗਰਾਮ ਦੀ ਸਫ਼ਲਤਾ ਅਤੇ ਇਸ ਸਮਾਗਮ ਵਿੱਚ ਪਾਏ ਯੋਗਦਾਨ ਲਈ ‘ਰਾਕੇਟ ਲਰਨਿੰਗ’ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਸ ਦੇ ਸਹਿਯੋਗ ਨਾਲ ਗੁਣਵੱਤਾਪੂਰਨ ਸ਼ੁਰੂਆਤੀ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਹਾਜ਼ਰ ਅਧਿਕਾਰੀਆਂ ਨੇ ਆਸ ਪ੍ਰਗਟਾਈ ਕਿ 22 ਆਂਗਣਵਾੜੀ ਵਰਕਰਾਂ ਨੂੰ ਮਿਲਿਆ ਇਹ ਸਨਮਾਨ ਜ਼ਿਲ੍ਹੇ ਦੀਆਂ ਹੋਰਨਾਂ ਆਂਗਣਵਾੜੀ ਵਰਕਰਾਂ ਲਈ ਵੀ ਪ੍ਰੇਰਨਾ ਸਰੋਤ ਬਣੇਗਾ।
ਇਸ ਸਨਮਾਨ ਸਮਾਰੋਹ ਵਿੱਚ ਸੀ.ਡੀ.ਪੀ.ਓ. ਸ੍ਰੀ ਅਰਵਿੰਦਰ ਸਿੰਘ, ਸੀ.ਡੀ.ਪੀ.ਓ. ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਭੁਪਿੰਦਰ ਕੌਰ, ਸੁਪਰਵਾਈਜ਼ਰ ਰਾਜਿੰਦਰ ਕੌਰ, ਬਬਲੀ ਕੌਰ, ਬਲਜੀਤ ਕੌਰ, ਅਨੀਤਾ ਗੋਇਲ ਅਤੇ ਮਿਸ਼ਨ ਆਰੰਭ ਦੇ ਪ੍ਰੋਗਰਾਮ ਮੈਨੇਜਰ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।



















