ਤਰਨ ਤਾਰਨ, 2 ਨਵੰਬਰ 2026 AJ DI Awaaj
Punjab Desk : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ‘ਮਿਸ਼ਨ ਆਰੰਭ’ ਤਹਿਤ ਆਂਗਣਵਾੜੀ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਤਰਨ ਤਾਰਨ ਅਨੁਪ੍ਰਿਆ ਸਿੰਘ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ ਗਈ।
ਇਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਕੁੱਲ 8 ਬਲਾਕਾਂ ਵਿੱਚੋਂ ਹਰੇਕ ਬਲਾਕ ਦੀਆਂ ਦੋ-ਦੋ ਵਧੀਆ ਕਾਰਗੁਜ਼ਾਰੀ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਚੋਣ ਕੀਤੀ ਗਈ। ਇਸ ਤਰ੍ਹਾਂ ਕੁੱਲ 16 ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਆਂਗਣਵਾੜੀ ਕੇਂਦਰਾਂ ਦੇ ਸੁਚਾਰੂ ਸੰਚਾਲਨ ਵਿੱਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨਮਨ ਨਾਹਰ (ਹੈੱਡ, ਪੰਜਾਬ ਟੀਮ), ਜਤਿੰਦਰਜੀਤ ਕੌਰ (ਪ੍ਰੋਗਰਾਮ ਮੈਨੇਜਰ) ਅਤੇ ਧਨਵੀਰ ਸਿੰਘ ਮਾਨੀ (ਜ਼ਿਲ੍ਹਾ ਕੋਆਰਡੀਨੇਟਰ) ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਵੱਲੋਂ ਆਂਗਣਵਾੜੀ ਵਰਕਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਕਿਹਾ ਗਿਆ ਕਿ ‘ਮਿਸ਼ਨ ਆਰੰਭ’ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਮੁੱਢਲੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਬੱਚਿਆਂ ਦੇ ਮੁੱਢਲੇ ਵਿਕਾਸ ਦੀ ਮਜ਼ਬੂਤ ਨੀਂਹ ਹਨ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕਰਨ ਨਾਲ ਉਨ੍ਹਾਂ ਦਾ ਮਨੋਬਲ ਵਧਦਾ ਹੈ ਅਤੇ ਹੋਰ ਵਰਕਰਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਨਾ ਮਿਲਦੀ ਹੈ।



















