ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ

1
ਬਰਨਾਲਾ, 5 ਸਤੰਬਰ 2026 AJ DI Awaaj
Punjab Desk :     ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਡੇਂਗੂ ਦੇ ਲਾਰਵੇ ਦੀ ਵਿਸ਼ੇਸ਼ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਵਿੱਚ ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ।
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਅਤੇ ਡਾ. ਸਾਕਸ਼ੀ ਸੋਨੀ ਨੇ ਡੇਂਗੂ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਜਾਂ ਨੱਕ/ਮਸੂੜਿਆਂ ‘ਚੋਂ ਖੂਨ ਆਉਣ ਵਰਗੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀ ਹਾਲਤ ਵਿੱਚ ਘਰੇਲੂ ਇਲਾਜ ਕਰਨਾ ਜਾਂ ਇਲਾਜ ਵਿੱਚ ਦੇਰੀ ਕਰਨਾ ਮਰੀਜ਼ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ।
ਬਚਾਅ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਲੋਕਾਂ ਨੂੰ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ ਵਿੱਚ ਪਏ ਕਬਾੜ, ਟਾਇਰਾਂ, ਬਰਤਨਾਂ, ਗਮਲਿਆਂ, ਕੂਲਰਾਂ, ਫਰਿੱਜ ਦੀ ਬੈਕ ਟਰੇਅ ਅਤੇ ਪਾਣੀ ਵਾਲੀਆਂ ਖੇਲਾਂ ਨੂੰ ਹਫ਼ਤੇ ਵਿੱਚ ਇੱਕ ਦਿਨ ਜ਼ਰੂਰ ਖਾਲੀ ਕਰਕੇ ਧੁੱਪ ਵਿੱਚ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਬਰਨਾਲਾ ਸ਼ਹਿਰ ਵਿੱਚ ਸਿਹਤ ਕਰਮਚਾਰੀਆਂ ਗਣੇਸ਼ ਦੱਤ, ਚਮਕੌਰ ਸਿੰਘ, ਜਸਵਿੰਦਰ ਸਿੰਘ ਅਤੇ ਗੁਲਾਬ ਸਿੰਘ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲਾਰਵਾ ਚੈੱਕ ਕੀਤਾ ਗਿਆ ਅਤੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਹਫ਼ਤੇ ਦੇ ਦੋ ਦਿਨ (ਸੋਮਵਾਰ ਅਤੇ ਸ਼ੁੱਕਰਵਾਰ) ‘ਡਰਾਈ ਡੇ’ (ਖੁਸ਼ਕ ਦਿਵਸ) ਵਜੋਂ ਮਨਾਏ ਜਾਂਦੇ ਹਨ। ਲੋਕਾਂ ਨੂੰ ਗਰੁੱਪ ਮੀਟਿੰਗਾਂ, ਸਕੂਲੀ ਸੈਮੀਨਾਰਾਂ, ਸੋਸ਼ਲ ਮੀਡੀਆ ਅਤੇ ਪੈਂਫਲੈਟਸ/ਪੋਸਟਰਾਂ ਰਾਹੀਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਰੱਖਣ ਅਤੇ ਬਿਮਾਰੀ ਹੋਣ ਦੀ ਸੂਰਤ ਵਿੱਚ ਸਮੇਂ ਸਿਰ ਸਰਕਾਰੀ ਹਸਪਤਾਲਾਂ ਵਿੱਚੋਂ ਆਪਣਾ ਇਲਾਜ ਕਰਵਾਉਣ।