ਫਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ’ਚ ਲੱਗੇਗੀ ਵਿਸ਼ੇਸ਼ ਲੋਕ ਅਦਾਲਤ

3

Fazilka 12 Nov 2026 AJ DI Awaaj

Punjab Desk : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ 21 ਨਵੰਬਰ 2026 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਨਾਲ ਸਬੰਧਤ ਕੇਸਾਂ ਲਈ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਮਾਣਯੋਗ ਜਸਟਿਸ ਸ਼੍ਰੀਮਤੀ ਨਿਧੀ ਗੁਪਤਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਐਡਮਿਨਿਸਟ੍ਰੇਟਿਵ ਜੱਜ, ਫਾਜ਼ਿਲਕਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਲਜਿੰਦਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਤੀ 21 ਨਵੰਬਰ 2026 (ਦਿਨ ਸ਼ਨੀਵਾਰ) ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਸਥਿਤ ਅਦਾਲਤਾਂ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ (Negotiable Instruments Act) ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਪੈਸ਼ਲ ਲੋਕ ਅਦਾਲਤ ਦਾ ਮੁੱਖ ਉਦੇਸ਼ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਨਾਲ ਸਬੰਧਤ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਤੁਰੰਤ, ਸਸਤਾ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਹੈ, ਜਿਸ ਨਾਲ ਪੱਖਕਾਰਾਂ (ਦੋਵਾਂ ਧਿਰਾਂ) ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਅਤੇ ਮਾਨਸਿਕ ਤਣਾਅ ਤੋਂ ਰਾਹਤ ਮਿਲ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਬਲਜਿੰਦਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੇਸਾਂ ਦੀ ਸੁਣਵਾਈ ਲਈ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਬੈਂਚਾਂ ਵਿੱਚ ਮਾਣਯੋਗ ਜੱਜ ਸਾਹਿਬਾਨਾਂ ਅਤੇ ਨਿਯੁਕਤ ਮੈਂਬਰਾਂ ਵੱਲੋਂ ਦੋਵਾਂ ਧਿਰਾਂ ਦੀ ਆਪਸੀ ਰਾਜ਼ੀਨਾਮੇ ਨਾਲ ਸੁਖਾਵੇਂ ਮਾਹੌਲ ਵਿੱਚ ਮਾਮਲਿਆਂ ਦਾ ਨਿਪਟਾਰਾ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਨਿਆਂ ਪ੍ਰਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ, ਸੌਖਾ ਅਤੇ ਵਿਕਲਪਕ ਮਾਧਿਅਮ ਹੈ। ਲੋਕ ਅਦਾਲਤ ਵਿੱਚ ਹੋਏ ਸਮਝੌਤੇ ਦੇ ਆਧਾਰ ‘ਤੇ ਪਾਸ ਕੀਤਾ ਗਿਆ ਐਵਾਰਡ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਹੁੰਦਾ ਹੈ, ਜੋ ਦੋਵਾਂ ਧਿਰਾਂ ‘ਤੇ ਬਰਾਬਰ ਤੌਰ ‘ਤੇ ਲਾਗੂ ਹੁੰਦਾ ਹੈ ਅਤੇ ਇਸ ਦੇ ਵਿਰੁੱਧ ਆਮ ਤੌਰ ‘ਤੇ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋਣ ਨਾਲ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਜਨਤਾ ਅਤੇ ਧਿਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਦੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਨਾਲ ਸਬੰਧਤ ਕੇਸ ਅਦਾਲਤਾਂ ਵਿੱਚ ਲੰਬਿਤ ਹਨ, ਉਹ ਆਪਣੇ ਕੇਸਾਂ ਦਾ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਉਣ ਲਈ ਸਬੰਧਤ ਅਦਾਲਤ ਵਿੱਚ ਤੁਰੰਤ ਪਹੁੰਚ ਕਰਨ।
ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।