ਬਰਨਾਲਾ, 5 ਸਤੰਬਰ 2026 AJ DI Awaaj
Punjab Desk : ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੱਠਲਾਂ ਵਿਖੇ 12.39 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 3100 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਉਹਨਾਂ ਖੇਡਾਂ ਵਤਨ ਪੰਜਾਬ ਦੀਆਂ ਦਾ ਕਿਊ ਆਰ ਕੋਡ ਵੀ ਜਾਰੀ ਕੀਤਾ ਜਿਸ ਨੂੰ ਸਕੈਨ ਕਰਕੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਦੂਜੇ ਪੜਾਅ ਤਹਿਤ ਪਿੰਡਾਂ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਅਤੇ ਸੁਚੱਜਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਮੀਤ ਹੇਅਰ ਨੇ ਕਿਹਾ ਕਿ ਪਿੰਡ ਭੱਠਲਾਂ ਦੇ ਇਸ ਖੇਡ ਮੈਦਾਨ ਵਿੱਚ ਵਾਲੀਬਾਲ ਅਤੇ ਫੁੱਟਬਾਲ ਲਈ ਖੇਡ ਮੈਦਾਨ ਤੋਂ ਇਲਾਵਾ ਬੱਚਿਆਂ ਲਈ ਝੂਲੇ, ਨੌਜਵਾਨਾਂ ਲਈ ਜਿਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਮਕਸਦ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਉਭਾਰ ਕੇ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਨ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲਾਂ, ਜ਼ਿਲ੍ਹਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਰਾਜੀਵ ਲੂਬੀ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਅਤੇ ਪਿੰਡ ਦੀ ਪੰਚਾਇਤ ਤੇ ਮੋਹਤਬਾਰ ਮੌਜੂਦ ਸਨ



















