ਰੂਪਨਗਰ, 13 ਨਵੰਬਰ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ. ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ।
ਇਸ ਸਬੰਧੀ ਸ. ਕੁਲਤਾਰ ਸਿੰਘ ਸੰਧਵਾਂ, ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੀ ਪ੍ਰਧਾਨਗੀ ਹੇਠ ਮਾਨਯੋਗ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਅਤੇ ਉੱਚ ਅਧਿਕਾਰੀਆਂ ਦੀ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਖੇਤਰ ਵਿੱਚ ਮਿਤੀ 19 ਨਵੰਬਰ 2025 ਤੋਂ ਮਿਤੀ 29 ਨਵੰਬਰ 2025 ਤੱਕ ਹੂਟਰ ਨਾ ਵਜਾਇਆ ਜਾਵੇ।
ਇਸ ਫੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦੇ ਖੇਤਰ ਨੂੰ ਮਿਤੀ 19 ਨਵੰਬਰ 2025 ਤੋਂ ਮਿਤੀ 29 ਨਵੰਬਰ 2025 ਤੱਕ “ਹੂਟਰ-ਮੁਕਤ ਜ਼ੋਨ” ਘੋਸ਼ਿਤ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਨਾਗਰਿਕਾਂ, ਡਰਾਈਵਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਸਮਾਗਮ ਦੀ ਗੰਭੀਰਤਾ, ਸ਼ਾਂਤੀ ਅਤੇ ਧਾਰਮਿਕ ਮਾਹੌਲ ਨੂੰ ਬਣਾਈ ਰੱਖਣ ਲਈ ਹੂਟਰ ਵਜਾਉਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦਿੱਤਾ ਜਾਵੇ।














