ਪਰਾਲੀ ਪ੍ਰਬੰਧਨ: ਛੁੱਟੀ ਵਾਲੇ ਦਿਨ ਵੀ ਖੇਤਾਂ ਵਿੱਚ ਡਟੇ ਅਧਿਕਾਰੀ

4
ਬਰਨਾਲਾ, 9 ਨਵੰਬਰ 2026 AJ DI Awaaj
Punjab Desk :   ਜ਼ਿਲ੍ਹਾ ਬਰਨਾਲਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਛੁੱਟੀ ਵਾਲੇ ਦਿਨ ਵੀ ਪੂਰੀ ਤਰ੍ਹਾਂ ਸਰਗਰਮ ਰਹੇ। ਅਧਿਕਾਰੀਆਂ ਵੱਲੋਂ ਛੁੱਟੀ ਦੇ ਬਾਵਜੂਦ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ।
ਇਸੇ ਤਹਿਤ ਐਸ.ਡੀ.ਐਮ. ਬਰਨਾਲਾ ਸ੍ਰੀ ਅਜੀਤਪਾਲ ਸਿੰਘ ਚਹਿਲ ਨੇ ਕਲੱਸਟਰ ਅਧਿਕਾਰੀਆਂ ਸਮੇਤ ਬੀਕਾ ਸੂਚ ਪੱਤੀ ਦੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਹਨਾਂ ਕਿਸਾਨਾਂ ਨੂੰ ਬੇਲਰਾਂ ਰਾਹੀਂ ਗੱਠਾਂ ਬਣਾ ਕੇ ਜਾਂ ਹੋਰ ਇਨ-ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਗੇ।
ਇਸ ਉਪਰੰਤ ਐਸ.ਡੀ.ਐਮ. ਸ੍ਰੀ ਅਜੀਤਪਾਲ ਸਿੰਘ ਨੇ ਪਿੰਡ ਖੁੱਡੀ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨਾਂ ਨੇ ਬੇਲਰ ਦੇ ਕੰਮਕਾਜ ਅਤੇ ਪਰਾਲੀ ਦੀਆਂ ਗੱਠਾਂ ਦੀ ਸਮੇਂ ਸਿਰ ਚੁਕਾਈ (ਲਿਫਟਿੰਗ) ‘ਤੇ ਤਸੱਲੀ ਪ੍ਰਗਟਾਈ। ਐਸ.ਡੀ.ਐਮ. ਨੇ ਮੌਕੇ ‘ਤੇ ਮੌਜੂਦ ਬੇਲਰ ਆਪਰੇਟਰ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬੇਲਰ ਚਲਾਉਣ ਸਬੰਧੀ ਅਗਾਊਂ ਅਤੇ ਸਹੀ ਸਮਾਂ-ਸਾਰਣੀ ਦਿੱਤੀ ਜਾਵੇ, ਤਾਂ ਜੋ ਕਿਸਾਨ ਕਿਸੇ ਵੀ ਕਾਹਲੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਰਾਹੀਂ ਗੱਠਾਂ ਬਣਾਉਣ ਨੂੰ ਤਰਜੀਹ ਦੇਣ।
ਦੂਜੇ ਪਾਸੇ, ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਵੱਲੋਂ ਵੀ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਹਨਾਂ ਪਿੰਡ ਠੀਕਰੀਵਾਲਾ ਦੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਮਾਰਗਦਰਸ਼ਨ ਕੀਤਾ। ਇਸ ਮੌਕੇ ਉਹਨਾਂ ਨਾਲ ਕਲੱਸਟਰ ਬਰਨਾਲਾ ਦੇ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਡਾ. ਸੁਖਪਾਲ ਸਿੰਘ ਗਿੱਲ ਵੱਲੋਂ ਕਲੱਸਟਰ ਸੰਘੇੜਾ ਦੇ ਪਿੰਡਾਂ ਦਾ ਵੀ ਪਰਾਲੀ ਪ੍ਰਬੰਧਨ ਸਬੰਧੀ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰੇ ਦੌਰਾਨ ਉਹਨਾਂ ਨਾਲ ਕਲੱਸਟਰ ਅਫਸਰ ਸ੍ਰੀ ਮਨਪ੍ਰੀਤ ਸਿੰਘ (ਖੇਤੀਬਾੜੀ ਵਿਕਾਸ ਅਫਸਰ) ਅਤੇ ਸਹਾਇਕ ਕਲੱਸਟਰ ਅਫਸਰ ਸ੍ਰੀ ਸੁਨੀਲ ਕੁਮਾਰ (ਖੇਤੀਬਾੜੀ ਸਬ ਇੰਸਪੈਕਟਰ) ਮੌਜੂਦ ਸਨ।