ਰੰਗੋਲੀ ਦੇ ਰੰਗਾਂ ਰਾਹੀਂ ਵਿਦਿਆਰਥੀਆਂ ਨੇ ਦਿੱਤਾ ਵੋਟਰ ਜਾਗਰੂਕਤਾ ਦਾ ਸੁਨੇਹਾ

1

ਮਾਲੇਰਕੋਟਲਾ, 28 ਨਵੰਬਰ 2026 AJ DI Awaaj

 

Punjab Desk :     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗੋਲੀ ਮੁਕਾਬਲੇ ਕਰਵਾਏ ਗਏ।

ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਰੰਗਾਂ ਰਾਹੀਂ ਵੋਟਰ ਰਜਿਸਟ੍ਰੇਸ਼ਨ, ਵੋਟ ਦੇ ਅਧਿਕਾਰ, ਨਿਰਪੱਖ ਮਤਦਾਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਨਾਗਰਿਕਾਂ ਦੀ ਭੂਮਿਕਾ ਨੂੰ ਬਾਖ਼ੂਬੀ ਪੇਸ਼ ਕੀਤਾ।

ਚੋਣ ਤਹਿਸੀਲਦਾਰ ਬ੍ਰਿਜ ਮੋਹਣ ਅਤੇ ਕਾਲਜ ਦੇ ਪ੍ਰਿੰਸੀਪਲ-ਕਮ-ਸਹਾਇਕ ਸਵੀਪ ਨੋਡਲ ਅਫ਼ਸਰ ਡਾ. ਮੁਹੰਮਦ ਇਰਫਾਨ ਨੇ ਰੰਗੋਲੀਆਂ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ।

ਜ਼ਿਕਰਯੋਗ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ 6 ਦਸੰਬਰ (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਵੱਲੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪ੍ਰੋ. ਜਗਸ਼ੀਰ ਸਿੰਘ, ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ, ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੇ ਨੁਮਾਇੰਦਿਆਂ ਸਮੇਤ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।