ਸਬਸਿਡੀ ਵਾਲੀਆਂ ਮਸ਼ੀਨਾਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਸ਼ੱਕ, ਵਿਜੀਲੈਂਸ ਵੱਲੋਂ ਜਾਂਚ ਸ਼ੁਰੂ; 19 ਡੀਲਰਾਂ ਤੋਂ ਰਿਕਾਰਡ ਤਲਬ।

9

11November 2025 Aj Di Awaaj

Punjab Desk ਵਿਜੀਲੈਂਸ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਜਾਰੀ ਕੀਤੇ ਗਏ ਫੰਡਾਂ ਵਿੱਚ ਕਥਿਤ ਧੋਖਾਧੜੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਵਿਜੀਲੈਂਸ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਦੇ ਹੋਏ 19 ਡੀਲਰਾਂ ਨੂੰ ਵੱਖ-ਵੱਖ ਤਰੀਕਾਂ ‘ਤੇ ਆਪਣੇ ਰਿਕਾਰਡ ਸਮੇਤ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਦੇ ਅਧਿਕਾਰੀਆਂ ਇਹ ਯਕੀਨੀ ਬਣਾਉਣ ਕਿ ਡੀਲਰ 2018 ਤੋਂ 2021 ਤੱਕ ਵੇਚੀਆਂ ਗਈਆਂ ਖੇਤੀਬਾੜੀ ਮਸ਼ੀਨਾਂ ਦੀ ਪੂਰੀ ਸੂਚੀ ਤਿਆਰ ਕਰਕੇ ਵਿਜੀਲੈਂਸ ਬਿਊਰੋ ਬਠਿੰਡਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।

ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਦੇਣ ਦੇ ਨਾਂ ‘ਤੇ ਕਰੋੜਾਂ ਰੁਪਏ ਦੇ ਫੰਡਾਂ ਵਿੱਚ ਘਪਲੇ ਦੇ ਦੋਸ਼ ਲਗੇ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਫੰਡਾਂ ਵਿੱਚ ਬੇਨਿਯਮਤੀਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ। ਇਸ ਦੇ ਤਹਿਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਇਕ ਮਹੀਨੇ ਦੇ ਅੰਦਰ ਵਿਸਥਾਰ ਸਹਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।