ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ-

2
ਲਹਿਰਾਗਾਗਾ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ; ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ
ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਪ੍ਰਤੀ ਪੰਜਾਬ ਸਰਕਾਰ ਦੀ ਸ਼ਰਧਾ ਤੇ ਵਚਨਬੱਧਤਾ ਦਾ ਪ੍ਰਤੀਕ: ਕੈਬਨਿਟ ਮੰਤਰੀ
ਲਹਿਰਾਗਾਗਾ/ਸੰਗਰੂਰ, 06 ਸਤੰਬਰ 2026 Aj Di Awaaj
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ।
ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ਲਈ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ਲਈ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਕੇਂਦਰ ਦੀ ਉਸਾਰੀ ਲਈ ਲੋੜੀਂਦਾ ਬਾਕੀ ਸਾਰਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਤੋਂ ਇਲਾਵਾ ਸੰਤ-ਮਹਾਂਪੁਰਸ਼ਾਂ ਦੀ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ 7 ਸਤੰਬਰ ਨੂੰ ਅਨਾਜ ਮੰਡੀ, ਧੂਰੀ ਅਤੇ 8 ਸਤੰਬਰ ਨੂੰ ਦਿੜ੍ਹਬਾ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਸ੍ਰੀ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਸੰਗਤ ਨੂੰ ਪਿਆਰ, ਸਤਿਕਾਰ, ਮਿਹਨਤ, ਬਰਾਬਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਐਸ.ਡੀ.ਐਮ. ਰਾਕੇਸ ਪ੍ਰਕਾਸ ,ਪ੍ਰਧਾਨ ਨਗਰ ਕੌਸਲ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ ਪੁਤਰ ਗੋਰਵ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ ।