ਤਰਨ ਤਾਰਨ, 29 ਜੁਲਾਈ 2025 AJ DI Awaaj
Punjab Desk : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਮਿਲ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪਾਵਰ ਕਾਰਪੋਰੇਸ਼ਨ ਦੇ ਜਾਰੀ ਸਰਕੂਲਰ ਮੁਤਾਬਿਕ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟਾਂ ਪ੍ਰਤੀ ਮਹੀਨਾ ਮੁਆਫੀ ਜਾਰੀ ਕਰਦੇ ਹੋਏ ਮਹੀਨਾ ਮਈ ਅਤੇ ਜੂਨ, 2025 ਦੇ ਜਾਰੀ ਘਰੇਲੂ ਬਿੱਲਾਂ ਵਿੱਚ 82% ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਇਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 2,56,938 ਘਰੇਲੂ ਖਪਤਕਾਰ ਹਨ ਅਤੇ 211552 ਖਪਤਕਾਰਾਂ ਨੂੰ ਜ਼ੀਰੋ ਬਿੱਲ ਦਾ ਲਾਭ ਮਿਲਿਆ ਹੈ।
ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਬਿਜਲੀ ਦੇ ਬਿੱਲ ਆਮ ਲੋਕਾਂ ਉੱਪਰ ਵੱਡਾ ਬੋਝ ਸਨ ਅਤੇ ਬਹੁਤ ਸਾਰੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਵੱਲੋਂ ਵੱਡੇ-ਵੱਡੇ ਬਿਜਲੀ ਬਿੱਲ ਭਰਨੇ ਉਨਾਂ ਦੇ ਵੱਸ ਵਿੱਚ ਨਹੀਂ ਸੀ। ਉਨਾਂ ਕਿਹਾ ਕਿ ਹੁਣ ਬਿਜਲੀ ਦਾ ਜ਼ੀਰੋ ਬਿੱਲ ਆਉਣ ਕਾਰਨ ਲੋਕ ਓਹੀ ਹਜ਼ਾਰਾਂ ਰੁਪਏ ਆਪਣੇ ਪਰਿਵਾਰ ਦੀ ਬਿਹਤਰੀ, ਬੱਚਿਆਂ ਦੀ ਪੜਾਈ ਆਦਿ ਉੱਪਰ ਖਰਚ ਕਰ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਨੂੰ ਆਮ ਲੋਕਾਂ ਦਾ ਪੂਰੀ ਤਰਾਂ ਖਿਆਲ ਹੈ।
