ਅੰਮ੍ਰਿਤਸਰ, 8 ਅਕਤੂਬਰ 2026 AJ DI Awaaj
Punjab Desk : ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 11 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ 5 ਕਿਲੋਮੀਟਰ ਦੀ ਪੰਜਾਬ ਯੂਥ ਰਨ ਮੈਰਾਥਨ ਕਰਵਾਈ ਜਾ ਰਹੀ ਹੈ। ਮੈਰਾਥਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਸੂਬਾ ਯੂਥ ਵਿੰਗ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੈਰਾਥਨ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਪੁਰਾ ਨੇ ਦੱਸਿਆ ਕਿ ਮੈਰਾਥਨ 11 ਅਕਤੂਬਰ ਨੂੰ ਸਵੇਰੇ 5:00 ਵਜੇ ਰਣਜੀਤ ਐਵੀਨਿਊ ਸਥਿਤ ਹੋਟਲ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਰੂਟ ਕਚਿਹਰੀ ਚੌਂਕ, ਕੈਂਟ ਚੌਂਕ, ਹਰਤੇਜ ਹਸਪਤਾਲ ਅਤੇ ਪੁਰਾਣੀ ਪੁਲਿਸ ਚੌਂਕੀ, ਸੀ-ਬਲਾਕ ਤੋਂ ਹੁੰਦਾ ਹੋਇਆ ਮੁੜ ਐੱਚ.ਕੇ. ਕਲਾਰਕ ਨੇੜੇ ਟੀ-ਪੁਆਇੰਟ ਵਿਖੇ ਸਮਾਪਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਣਗੇ। ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਸਕੈਨਿੰਗ ਰਾਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ। ਮੈਰਾਥਨ ਪੂਰੀ ਕਰਨ ਵਾਲੇ ਭਾਗੀਦਾਰਾਂ ਨੂੰ ਮੈਡਲ ਵੀ ਦਿੱਤੇ ਜਾਣਗੇ, ਜਦਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਪ੍ਰਦਾਨ ਕੀਤੇ ਜਾਣਗੇ।
ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੰਜਾਬ ਯੂਥ ਰਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਯੂਥ ਰਨ ਰਾਹੀਂ ਫਿਟਨੈੱਸ, ਖੇਡਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਅੰਮ੍ਰਿਤਸਰ ਦੇ ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਵੱਧ-ਚੜ੍ਹ ਕੇ ਇਸ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਭਾਗ ਲੈਣ ਦੇ ਇੱਛੁਕ ਪ੍ਰਤੀਯੋਗੀ ਕਿਊ.ਆਰ. ਕੋਡ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਹੋਣ ਵਾਲੀ ਪੰਜਾਬ ਯੂਥ ਰਨ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਸਿਹਤਮੰਦ, ਤੰਦਰੁਸਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਪਨਸਪ ਦੇ ਚੇਅਰਮੈਨ ਸ. ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਸ. ਗੁਰਮੰਦਰ ਸਿੰਘ, ਡਿਪਟੀ ਸੀ.ਓ. ਰੋਜ਼ਗਾਰ ਸ. ਤੀਰਥਪਾਲ ਸਿੰਘ, ਸਿੱਖਿਆ ਵਿਭਾਗ ਤੋਂ ਕੋਆਰਡੀਨੇਟਰ ਖੇਡਾਂ ਸ੍ਰੀ ਆਸ਼ੂ ਵਿਸ਼ਾਲ, ਸ੍ਰੀ ਪਵਨ ਸ਼ਰਮਾ, ਸ. ਜਸ਼ਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਨੁਮਾਇੰਦੇ ਹਾਜ਼ਰ ਸਨ।



















