ਕੋਟਕਪੂਰਾ, 10 ਨਵੰਬਰ 2026 AJ DI Awaaj
Punjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਆਪਣੇ ਕੈਂਪ ਦਫ਼ਤਰ ਵਿੱਚ ਨਗਰ ਕੌਂਸਲ ਕੋਟਕਪੂਰਾ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ, ਵਿਕਾਸ ਕਾਰਜਾਂ ਅਤੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਈ ਰੱਖਣ ਵਿੱਚ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਦਾ ਅਸਲ ਲਾਭ ਉਦੋਂ ਹੀ ਮਿਲ ਸਕਦਾ ਹੈ, ਜਦੋਂ ਸ਼ਹਿਰ ਵਾਸੀ ਅਤੇ ਨਗਰ ਕੌਂਸਲ ਦੇ ਕਰਮਚਾਰੀ ਮਿਲ ਕੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਸਾਫ਼-ਸੁਥਰੇ ਵਾਤਾਵਰਨ ਵਿੱਚੋਂ ਲੰਘਦਾ ਹੈ ਤਾਂ ਉਸ ਦੇ ਮਨ ਵਿੱਚ ਆਪਣੇ ਆਪ ਹੀ ਚੰਗਾ ਅਹਿਸਾਸ ਪੈਦਾ ਹੁੰਦਾ ਹੈ ਅਤੇ ਸਾਫ਼-ਸਫ਼ਾਈ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਭਲਾਈ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਗਰੀਬ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ ਅਤੇ ਉਹ ਉੱਚ ਅਹੁਦਿਆਂ ਤੱਕ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਪਿੰਡ ਮਚਾਕੀ ਕਲਾਂ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ।
ਸਪੀਕਰ ਸ. ਸੰਧਵਾਂ ਨੇ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਸੜਕਾਂ ਅਤੇ ਗਲੀਆਂ ਬਣਾਉਣ ਤੋਂ ਪਹਿਲਾਂ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਕੰਮ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਆਂ ਬਣੀਆਂ ਸੜਕਾਂ ਨੂੰ ਵਾਰ-ਵਾਰ ਪੁੱਟਣ ਦੀ ਲੋੜ ਨਾ ਪਵੇ ਅਤੇ ਲੋਕਾਂ ਦੇ ਪੈਸੇ ਦੀ ਬੱਚਤ ਹੋ ਸਕੇ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਗਲੀਆਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਰਹਿੰਦੇ ਕੰਮ ਵੀ ਤਰਜੀਹ ਦੇ ਆਧਾਰ ਤੇ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਹਰੇਕ ਇਲਾਕੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਮੁਸ਼ਕਲ ਆਉਣ ਤੇ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸ਼ਹਿਰ ਵਾਸੀਆਂ ਅਤੇ ਕਰਮਚਾਰੀਆਂ ਦੇ ਨਾਲ ਖੜ੍ਹੇ ਹਨ।

















