ਬਰਨਾਲਾ, 2 ਸਤੰਬਰ 2026 AJ DI Awaaj
Punjab Desk : ਵਾਤਾਵਰਣ ਦੀ ਸੰਭਾਲ, ਹਰਿਆਲੀ ਨੂੰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ, ਖ਼ਾਸ ਕਰਕੇ ਵਿਦਿਆਰਥੀਆਂ ਵਿੱਚ ਰੁੱਖਾਂ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਰੁੱਖ ਲਗਾਉਣ ਦੀ ਮੁਹਿੰਮ (Tree Plantation Drive) ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਟੰਡਨ ਇੰਟਰਨੈਸ਼ਨਲ ਸਕੂਲ, ਬਰਨਾਲਾ ਨੂੰ 50 ਪੌਦਿਆਂ ਦੀ ਵੰਡ ਕੀਤੀ ਗਈ। ਇਹ ਬੂਟੇ ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੰਡੇ ਗਏ। ਇਹ ਸਮੁੱਚੀ ਮੁਹਿੰਮ ਸ਼੍ਰੀਮਤੀ ਅੰਸ਼ੁਲ ਬੈਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ।
ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਹਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇਸ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਵਾਤਾਵਰਣ ਸੁਰੱਖਿਆ, ਰੁੱਖਾਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਅਥਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਜਨਤਕ ਸਥਾਨਾਂ ’ਤੇ ਅਜਿਹੀਆਂ ਜਾਗਰੂਕਤਾ ਅਤੇ ਵਾਤਾਵਰਣ-ਸੰਭਾਲ ਸਬੰਧੀ ਗਤੀਵਿਧੀਆਂ ਜਾਰੀ ਰੱਖਣ ਲਈ ਯਤਨ ਕੀਤੇ ਜਾਣਗੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸਮੂਹ ਨਾਗਰਿਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ “ਹਰਾ-ਭਰਾ ਤੇ ਸਾਫ਼-ਸੁਥਰਾ ਬਰਨਾਲਾ” ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।



















