ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ

21

ਮੋਗਾ, 7 ਮਈ 2025 Aj Di Awaaj

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ  ਮੁਹੱਈਆ ਕਰਵਾਈ ਰਹੀ ਹੈ  ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਕੂਲ ਅਡੌਪਟ ਕਰਨ ਲਈ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਵੱਲੋਂ ਵੀ 10 ਸੂਕਲ ਅਡੌਪਟ ਕੀਤੇ ਗਏ ਹਨ।

ਇਸ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਸਰਕਾਰੀ ਹਾਈ ਸਕੂਲ ਕਿਲੀ ਚਹਿਲਾਂ, ਸਰਕਾਰੀ ਹਾਈ ਸਕੂਲ ਢਿੱਲਵਾਂ ਅਤੇ ਸਰਕਾਰੀ ਹਾਈ ਸਕੂਲ ਕਾਲੇਕੇ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਰੋਜ਼ਗਾਰ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਕਿ ਕਿੱਤਾ ਅਗਵਾਈ, ਸਕਿੱਲ ਕੋਰਸਾਂ, ਸਕਿੱਲ ਟ੍ਰੇਨਿੰਗਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਦਫ਼ਤਰ ਦੇ ਕਰੀਅਰ ਕਾਉਂਸਲਰ ਸ੍ਰੀ ਬਲਰਾਜ ਸਿੰਘ ਖਹਿਰਾ ਅਤੇ ਬੀ.ਟੀ.ਐਮ ਸ਼੍ਰੀ ਪੁਸ਼ਰਾਜ ਜਾਜਰਾ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਬੁਰੀ ਸੰਗਤ ਤੋਂ ਬਚਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ।

ਇਸ ਤੋਂ ਇਲਾਵਾ ਰੋਜਗਾਰ ਦਫ਼ਤਰ ਵੱਲੋਂ ਗਾਈਡੈਂਸ ਕਾਉਂਸਲਿੰਗ ਲਈ ਸਰਕਾਰੀ ਸਕੂਲਾਂ ਦੇ ਰੋਜ਼ਗਾਰ  ਦਫ਼ਤਰ ਵਿਖੇ ਸੈਮੀਨਾਰ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਖ-ਵੱਖ ਸਰਕਾਰੀ ਸਕੂਲ ਇਸ ਦਫਤਰ ਵਿਖੇ ਵਿਜ਼ਟ ਕਰ ਰਹੇ ਹਨ, ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।