30October 2025 Aj Di Awaaj
Punjab Desk ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਉਪ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਜਿਹੜੇ ਹਾਲਾਤ ਬਣੇ ਹੋਏ ਹਨ, ਉਹਨਾਂ ਨੂੰ ਵੇਖ ਕੇ ਲੱਗਦਾ ਹੈ ਜਿਵੇਂ ਇੱਥੇ ਤਾਲਿਬਾਨ ਵਰਗਾ ਮਾਹੌਲ ਬਣ ਗਿਆ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਪਿਛਲੀਆਂ ਸਰਕਾਰਾਂ ਅਤੇ ਹੁਣ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਥਿਤੀ ’ਤੇ ਕਾਬੂ ਪਾਉਣ ਵਿੱਚ ਬਿਲਕੁਲ ਅਸਮਰੱਥ ਤੇ ਬੇਵੱਸ ਨਜ਼ਰ ਆ ਰਹੇ ਹਨ।
ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਹਰ ਰੋਜ਼ ਕੋਈ ਨਾ ਕੋਈ ਨਵਾਂ ਸਿਆਸੀ ਡਰਾਮਾ ਰਚਿਆ ਜਾ ਰਿਹਾ ਹੈ, ਪਰ ਹੁਣ ਪੰਜਾਬ ਦੇ ਲੋਕ ਇਸ ਗੈਰ-ਜ਼ਿੰਮੇਵਾਰ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਿਸ਼ਵਾਸ ਕਰਨ ਲਈ ਤਿਆਰ ਨਹੀਂ ਹਨ। ਇਹ ਗੱਲ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਜੌਹਲ ਰਾਜੂ ਸਿੰਘ ਵਿੱਚ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਤਿੰਨਾਂ ਤੋਂ ਅੱਕ ਚੁੱਕੇ ਹਨ, ਕਿਉਂਕਿ ਇਨ੍ਹਾਂ ਸਭ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ, ਬੇਰੁਜ਼ਗਾਰੀ, ਗੁੰਡਾਗਰਦੀ, ਗੈਂਗਸਟਰ ਗਤੀਵਿਧੀਆਂ ਅਤੇ ਫਿਰੌਤੀਆਂ ਦੇ ਮਾਮਲੇ ਵੱਧ ਰਹੇ ਹਨ, ਜੋ ਸਾਰਾ ਕੁਝ ਪਿਛਲੀਆਂ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਦਾ ਨਤੀਜਾ ਹੈ। ਹੁਣ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਉਹ ਇੱਕ ਅਜਿਹੀ ਪਾਰਟੀ ਦੀ ਖ਼ਾਹਿਸ਼ ਰੱਖਦੇ ਹਨ ਜੋ ਸਾਫ਼-ਸੁਥਰੀ ਰਾਜਨੀਤੀ ਕਰੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇ।
ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ ਅਤੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਾਈ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਲੋਕਾਂ ਲਈ ਕੀਤੀਆਂ ਪ੍ਰਾਪਤੀਆਂ ਤੇ ਵਿਕਾਸਕਾਰੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।














