ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਲ ਰਿਹਾ ਵੱਡਾ ਹੁੰਗਾਰਾ

14

ਗੁਰਦਾਸਪੁਰ, 18 ਜੁਲਾਈ 2025 AJ DI Awaaj

Punjab Desk – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਰੋਜ਼ਾਨਾਂ ਜਾਗਰੂਕਤਾ ਸਭਾਵਾਂ ਹੋ ਰਹੀਆਂ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਭਾਗ ਲੈ ਰਹੇ ਹਨ।

ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਦਿਓਲ, ਕਾਲਾ ਨੰਗਲ, ਚੱਕ ਆਰੀਆ ਅਤੇ ਮਸੀਤ ਵਿਖੇ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ।  ਇਨ੍ਹਾਂ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ, ਟਰੱਸਟੀ ਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸਰਪੰਚ ਦਿਓਲ ਤਰਸੇਮ ਸਿੰਘ, ਸਰਪੰਚ ਕਾਲਾ ਨੰਗਲ ਸੁਖਵਿੰਦਰ ਸਿੰਘ, ਸਰਪੰਚ ਚੱਕ ਆਰੀਆ ਹਰਦੀਪ ਸਿੰਘ, ਸਰਪੰਚ ਮਸੀਤ ਤਰਸੇਮ ਪਾਲ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।