ਵਪਾਰੀਆਂ ਦੀ ਹਰ ਸ਼ਿਕਾਇਤ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ

1
ਰੂਪਨਗਰ, 06 ਅਗਸਤ 2026 AJ DI Awaaj
Punjab Desk  : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਹਰ ਸਮੱਸਿਆ ਅਤੇ ਸ਼ਿਕਾਇਤ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਵਰਕਾਮ, ਨਗਰ ਕੌਂਸਲਾਂ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਕਰੀਬ 16 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ਵਿੱਚੋਂ 15 ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਸਿਰਫ਼ 01 ਸ਼ਿਕਾਇਤ ਹੀ ਬਕਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪਾਰਦਰਸ਼ੀ ਨਿਪਟਾਰੇ ਲਈ www.punjabdisewa.com ਪੋਰਟਲ ਉਪਲਬਧ ਕਰਵਾਇਆ ਹੈ, ਜਿਸ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਆਨਲਾਈਨ ਦਰਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਪੋਰਟਲ ‘ਤੇ ਪ੍ਰਾਪਤ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਨਿਰਧਾਰਤ ਸਮਾਂ-ਸੀਮਾ ਅੰਦਰ ਉਸ ਦਾ ਹੱਲ ਯਕੀਨੀ ਬਣਾਇਆ ਜਾਵੇ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਨਿਯਮਿਤ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕਰਕੇ ਉਨ੍ਹਾਂ ਨੂੰ ਹੋਰ ਬਿਹਤਰ ਅਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਜਵਾਬਦੇਹੀ ਨਾਲ ਕੰਮ ਕਰਨ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਨੂੰ ਵਿਅਕਤੀਗਤ ਤੌਰ ‘ਤੇ ਗੰਭੀਰਤਾ ਨਾਲ ਲਿਆ ਜਾਵੇ। ਇਸ ਦੇ ਨਾਲ ਹੀ ਲੰਬਿਤ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਕੇ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਕਾਰੋਬਾਰ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਆ ਰਹੀਆਂ ਹਰ ਤਰ੍ਹਾਂ ਦੀਆਂ ਦਿੱਕਤਾਂ ਦੇ ਹੱਲ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।
ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਐੱਸਡੀਐੱਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੰਗਲ ਮਨਜੀਤ ਸਿੰਘ, ਵਪਾਰ ਮੰਡਲ ਦੇ ਨੁਮਾਇੰਦੇ ਦਾਰਾ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਰੋੜਾ, ਲਖਵਿੰਦਰ ਸਿੰਘ, ਐਸਡੀਓ ਬਿਜਲੀ ਵਿਭਾਗ ਬਲਵੰਤ ਰਾਏ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਹਾਜ਼ਰ ਸਨ।