ਗੁਰਦਾਸਪੁਰ, 20 ਅਗਸਤ 2025 AJ DI Awaaj
Punjab Desk – ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਅਕਾਂਕਸ਼ਾ ਹੱਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਤਿੰਨ ਰੋਜ਼ਾ ‘ਉਮੀਦ ਬਜ਼ਾਰ’ ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਵੱਲੋਂ ਅਕਾਂਕਸ਼ਾ ਹੱਟ (ਉਮੀਦ ਬਜ਼ਾਰ) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ, ਐੱਸ.ਡੀ.ਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਆਰ.ਟੀ.ਏ. ਸ੍ਰੀਮਤੀ ਨਵਜੋਤ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
‘ਉਮੀਦ ਬਜ਼ਾਰ’ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਅਕਾਂਕਸ਼ਾ ਹੱਟ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਵੀ ਏਥੇ ਦੋ ਰੋਜ਼ਾ ਉਮੀਦ ਬਜ਼ਾਰ ਲਗਾਇਆ ਗਿਆ ਸੀ ਜੋ ਬੇਹੱਦ ਕਾਮਯਾਬ ਰਿਹਾ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਅੱਜ ਉਮੀਦ ਬਜ਼ਾਰ ਦੌਰਾਨ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਕਿਫ਼ਾਇਤੀ ਹੈ। ਉਨ੍ਹਾਂ ਕਿਹਾ ਕਿ ਇਹ ਉਮੀਦ ਬਜ਼ਾਰ ਤਿੰਨ ਦਿਨ ਚੱਲੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਵਾਣੀਆਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ 50 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਹਨ। ਇਨ੍ਹਾਂ ਸਟਾਲਾਂ ਵਿੱਚ ਸੂਟ ਤੇ ਫੁਲਕਾਰੀਆਂ, ਪੰਜਾਬੀ ਜੁੱਤੀ, ਔਰਤਾਂ ਦੇ ਹਾਰ-ਸ਼ਿੰਗਾਰ ਦਾ ਸਮਾਨ, ਬੱਚਿਆਂ ਦੇ ਖਿਡੌਣੇ, ਅਚਾਰ, ਮੁਰੱਬੇ, ਹਲਦੀ, ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ 20, 21 ਤੇ 22 ਅਗਸਤ ਦੌਰਾਨ ਲੱਗੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਜੇਸ਼ ਸ਼ਰਮਾ, ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਡਿਪਟੀ ਮੈਨੇਜਰ ਵਰਿੰਦਰ ਸਿੰਘ, ਬਲਾਕ ਪ੍ਰੋਗਰਾਮ ਮੈਨੇਜਰ ਸਤਿੰਦਰਬੀਰ ਕੌਰ, ਬਲਾਕ ਫੈਲੋ ਡੇਰਾ ਬਾਬਾ ਨਾਨਕ ਸੁਖਮਨ ਦੀਪ ਕੌਰ, ਬਲਾਕ ਫੈਲੋ ਕਲਾਨੌਰ ਬਲਜੀਤ ਕੌਰ, ਡੀ.ਐੱਫ.ਐੱਮ. ਸਿਮਰਜੀਤ ਸਿੰਘ, ਬੀ.ਪੀ.ਐੱਮ. ਸਰੋਵਰ ਕੁੰਡਲ, ਆਲਮਜੀਤ ਸਿੰਘ, ਕੰਨਵਰਦੀਪ ਸਿੰਘ, ਨਵਜੋਤ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ, ਗੁਰਦਿਆਲ ਸਿੰਘ ਸੱਲੋਪੁਰ, ਸੁਖਬੀਰ ਕੌਰ ਬਾਜਵਾ ਅੱਤੇਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।
