ਰੱਖੜੀ ਵਾਲੇ ਦਿਨ 3 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌ*ਤ, ਭੈਣਾਂ ਦੀਆਂ ਰੱਖੜੀਆਂ ਰਹਿ ਗਈਆਂ ਅਧੂਰੀਆਂ

2

August 28,2026 Aj Di Awaaj

Punjab Desk: ਰੱਖੜੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਮੋਹਾਲੀ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਏਅਰਪੋਰਟ ਚੌਂਕ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਛਲੀਕਲਾਂ ਦੇ ਰਹਿਣ ਵਾਲੇ 23 ਸਾਲਾ ਪਰਮਪ੍ਰੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪਰਮਪ੍ਰੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀਆਂ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਲਈ ਘਰ ਜਾ ਰਿਹਾ ਸੀ। ਇਸ ਦੌਰਾਨ ਏਅਰਪੋਰਟ ਰੋਡ ’ਤੇ ਉਸ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਗਿਆ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਪਰਿਵਾਰ ਨੇ ਲਗਾਏ ਲਾਪਰਵਾਹੀ ਦੇ ਦੋਸ਼

ਪਰਿਵਾਰ ਨੇ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਪਰਮਪ੍ਰੀਤ ਕਰੀਬ ਡੇਢ ਘੰਟੇ ਤੱਕ ਸੜਕ ’ਤੇ ਜ਼ਖਮੀ ਹਾਲਤ ਵਿੱਚ ਪਿਆ ਰਿਹਾ। ਪਰਿਵਾਰ ਮੁਤਾਬਕ ਇਸ ਦੌਰਾਨ ਨਾ ਤਾਂ ਸਮੇਂ ਸਿਰ ਐਂਬੂਲੈਂਸ ਪਹੁੰਚੀ ਅਤੇ ਨਾ ਹੀ ਪੁਲਿਸ ਮੌਕੇ ’ਤੇ ਆਈ।

ਬਾਅਦ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ। ਡਾਕਟਰਾਂ ਨੇ ਜਾਂਚ ਤੋਂ ਬਾਅਦ ਪਰਮਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ ਪਰਮਪ੍ਰੀਤ

ਪਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਵੀ ਉਸ ਦੇ ਮੋਢਿਆਂ ’ਤੇ ਸੀ। ਉਸ ਦੀਆਂ ਤਿੰਨ ਭੈਣਾਂ ਹਨ ਅਤੇ ਉਨ੍ਹਾਂ ਦੇ ਵਿਆਹ ਦੀ ਜ਼ਿੰਮੇਵਾਰੀ ਵੀ ਉਹ ਨਿਭਾ ਰਿਹਾ ਸੀ।

ਜਾਣਕਾਰੀ ਅਨੁਸਾਰ ਪਰਮਪ੍ਰੀਤ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਨੌਕਰੀ ਕਰਦਾ ਸੀ ਅਤੇ ਆਪਣੀ ਕਮਾਈ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਪਰਿਵਾਰ ਨੇ ਦੱਸਿਆ ਕਿ ਉਸ ਦੇ ਪਿਤਾ ਵੀ ਡਿਪਰੈਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਹਨ।

ਰੱਖੜੀ ਵਾਲੇ ਦਿਨ ਭਰਾ ਦੀ ਮੌਤ ਦੀ ਖ਼ਬਰ ਨੇ ਮਾਂ ਅਤੇ ਤਿੰਨਾਂ ਭੈਣਾਂ ਨੂੰ ਤੋੜ ਕੇ ਰੱਖ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।