ਮਾਲੇਰਕੋਟਲਾ, 08 ਜਨਵਰੀ 2026 AJ DI Awaaj
Punjab Desk : 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਤੀ 17 ਜਨਵਰੀ ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ, ਮਾਲੇਰਕੋਟਲਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਵੱਲੋਂ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ ਅਤੇ ਮੌਕੇ ’ਤੇ ਚੱਲ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਸੁਵਿਧਾ ਅਤੇ ਸਮਾਗਮ ਦੇ ਸੁਚਾਰੂ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਪੁੱਖਤੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਸਾਫ ਪਾਣੀ, ਆਰਜ਼ੀ ਪਖਾਨਿਆਂ, ਸਫ਼ਾਈ ਪ੍ਰਬੰਧ, ਬਿਜਲੀ ਸਪਲਾਈ ਅਤੇ ਹੋਰ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਸਮੇਂ ਸਿਰ ਅਤੇ ਬਿਹਤਰ ਢੰਗ ਨਾਲ ਮੁਕੰਮਲ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਸਮਾਗਮ ਸ਼ਾਂਤੀਪੂਰਵਕ ਅਤੇ ਸਫਲਤਾਪੂਰਕ ਸੰਪੰਨ ਹੋ ਸਕੇ।
ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ, ਟ੍ਰੈਫਿਕ ਦਾ ਸੁਚਾਰੂ ਪ੍ਰਬੰਧ ਅਤੇ ਪਾਰਕਿੰਗ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐੱਸ.ਪੀ. (ਐੱਚ) ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਚੇਅਰਮੈਨ ਟਰੱਸਟ ਕੂਕਾ ਸਮਾਰਕ ਸ੍ਰੀ ਸੁਰਿੰਦਰ ਸਿੰਘ ਨਾਮਧਾਰੀ, ਸ੍ਰੀ ਗੁਰਸੇਵਕ ਸਿੰਘ ਨਾਮਧਾਰੀ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਐਕਸੀਅਨ ਪੀ.ਡਬਲਿਊ.ਡੀ ਇੰਜੀ.ਪਰਨੀਤ ਕੌਰ ਟਿਵਾਣਾ, ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜੀ. ਆਦਰਸ਼ ਨਿਰਮਲ ਸਿੰਘ, ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ ਧੀਮਾਨ, ਐਸ.ਈ.ਪੀ.ਓ. ਗੁਰਪ੍ਰੀਤ ਸਿੰਘ, ਡੀ.ਐਫ.ਪੀ.ਓ. ਡਾ. ਸੀਮਾਂ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।














