Punjab : 31 Aug 2026 AJ DI Awaaj
Punjab Desk : ਤਰਨ ਤਾਰਨ ਵਿੱਚ ਕਥਿਤ ਤੌਰ ’ਤੇ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ ਲੋੜੀਂਦੇ ਕਦਮ ਚੁੱਕਣ ਅਤੇ ਪੰਜ ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਮਾਮਲਾ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਰਾਜਾ ਵੜਿੰਗ ਵੱਲੋਂ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਨਾਲ ਸਬੰਧਤ ਹੈ।
ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ DSP ਹਰਪ੍ਰੀਤ ਸਿੰਘ ਅਤੇ DSP (EO ਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਹਾਜ਼ਰ ਹੋਏ।
ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਕਾਰਵਾਈ ਕਰਨ ਅਤੇ ਪੰਜ ਦਿਨਾਂ ਵਿੱਚ ਇਸ ਦੀ ਸਥਿਤੀ ਰਿਪੋਰਟ ਕਮਿਸ਼ਨ ਨੂੰ ਸੌਂਪਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜਾਂਚ ਜਲਦ ਪੂਰੀ ਕਰਕੇ ਬਿਨਾਂ ਦੇਰੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਚੇਅਰਮੈਨ ਨੇ ਜਾਂਚ ਅਤੇ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਗੱਲ ਕਹੀ ਹੈ। ਜੇਕਰ ਜਾਂਚ ਅਧਿਕਾਰੀ ਦੀ ਡਿਊਟੀ ਵਿੱਚ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਮੁਤਾਬਕ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ।



















