ਸ੍ਰੀ ਮੁਕਤਸਰ ਸਾਹਿਬ, 29 ਅਗਸਤ 2025 AJ DI Awaaj
Punjab Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ।
ਹਲਕਾ ਵਿਧਾਇਕ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਰਹੀਆਂ ਹਨ।
ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਇਲਾਕਾ ਨਿਵਾਸੀਆਂ, ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਆਫ਼ਤ ਦੀ ਇਸ ਘੜੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ, ਕਿਉਂਕਿ ਇਨ੍ਹਾਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਡਾ ਸਾਰਿਆਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਗਿੱਲ, ਖੁਸ਼ਬੀਰ ਸਿੰਘ ਯੂਥ ਆਗੂ, ਜਸਵੰਤ ਸਿੰਘ ਸੰਧੂ ਸੰਗਠਨ ਪ੍ਰਧਾਨ, ਵਰਿੰਦਰ ਢੌਸੀਵਾਲ ਜ਼ਿਲ੍ਹਾ ਈਵੈਂਟ ਇੰਚਾਰਜ, ਕਾਲਾ ਐਮ.ਸੀ. ਤੋਂ ਇਲਾਵਾ ਪਾਰਟੀ ਵਰਕਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।














