ਵਾਸ਼ਿੰਗਟਨ:07 Aug 2026 AJ DI Awaaj
International Desk : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ (Birthright Citizenship) ਅਤੇ ਬਰਥ ਟੂਰਿਜ਼ਮ ਨੂੰ ਲੈ ਕੇ ਦੋ ਨਵੇਂ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ ਹਨ। ਵ੍ਹਾਈਟ ਹਾਊਸ ਮੁਤਾਬਕ, ਇਨ੍ਹਾਂ ਕਦਮਾਂ ਦਾ ਮਕਸਦ ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਕਥਿਤ ਦੁਰਵਰਤੋਂ ਨੂੰ ਰੋਕਣਾ ਹੈ।
ਪਹਿਲੇ ਆਦੇਸ਼ ਤਹਿਤ ਕੁਝ ਵਿਦੇਸ਼ੀ ਨਾਗਰਿਕਾਂ ਦੇ ਬੱਚਿਆਂ ਦੀਆਂ ਉਹ ਸ਼੍ਰੇਣੀਆਂ ਦਰਸਾਈਆਂ ਗਈਆਂ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਦੇ ਅਨੁਸਾਰ ਜਨਮ ਅਧਿਕਾਰ ਨਾਗਰਿਕਤਾ ਲਈ ਯੋਗ ਨਹੀਂ ਮੰਨਿਆ ਜਾਵੇਗਾ। ਦੂਜੇ ਆਦੇਸ਼ ਵਿੱਚ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਸੁਰੱਖਿਆ ਵਿਭਾਗ ਨੂੰ ਬਰਥ ਟੂਰਿਜ਼ਮ ‘ਤੇ ਸਖ਼ਤੀ ਕਰਨ ਅਤੇ ਅਜਿਹੇ ਵੀਜ਼ਿਆਂ ਦੀ ਜਾਂਚ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਟਰੰਪ ਨੇ ਸੁਪਰੀਮ ਕੋਰਟ ਦੇ ਹਾਲੀਆ ਫੈਸਲੇ ‘ਤੇ ਨਿਰਾਸ਼ਾ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਕਾਨੂੰਨੀ ਦਾਇਰੇ ਵਿੱਚ ਰਹਿੰਦੇ ਹੋਏ ਇਮੀਗ੍ਰੇਸ਼ਨ ਨੀਤੀਆਂ ਨੂੰ ਹੋਰ ਸਖ਼ਤ ਬਣਾਏਗਾ।
ਹਾਲਾਂਕਿ, ਇਹ ਮਾਮਲਾ ਪਹਿਲਾਂ ਹੀ ਅਮਰੀਕੀ ਸੁਪਰੀਮ ਕੋਰਟ ਦੇ ਫੈਸਲਿਆਂ ਅਤੇ 14ਵੇਂ ਸੰਵਿਧਾਨਕ ਸੋਧ ਨਾਲ ਜੁੜੀ ਕਾਨੂੰਨੀ ਬਹਿਸ ਦਾ ਹਿੱਸਾ ਬਣਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਨਵੇਂ ਕਾਰਜਕਾਰੀ ਆਦੇਸ਼ਾਂ ਨੂੰ ਵੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।



















