ਹੁਸ਼ਿਆਰਪੁਰ, 16 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸਾਰੇ ਸਕੂਲ ਮੁਖੀ ਅਤੇ ਅਧਿਆਪਕ ਇਸ ਸਬੰਧੀ ਵਿਦਿਆਰਥੀਆਂ ਨੂੰ ਸਮੇਂ ਸਿਰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਯੋਗ ਵਿਦਿਆਰਥੀ ਇਸ ਮੌਕੇ ਦਾ ਲਾਭ ਉਠਾ ਸਕਣ। ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਜ਼ਿਲ੍ਹਾ ਪੱਧਰ ‘ਤੇ ਚੱਲ ਰਹੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਵਿਚ ਦਾਖਲੇ ਨਾਲ ਸਬੰਧਤ ਪੂਰੀ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਹ ਪਹਿਲ ਨਾ ਸਿਰਫ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਵਿਚ ਮਦਦ ਕਰੇਗੀ ਸਗੋਂ ਜ਼ਿਲ੍ਹੇ ਦੀ ਵਿੱਦਿਅਕ ਤਰੱਕੀ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗੀ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ/ਸੈਕੰਡਰੀ) ਲਲਿਤਾ ਅਰੋੜਾ ਨੇ ਦੱਸਿਆ ਕਿ ਨਵੋਦਿਆ ਵਿਦਿਆਲਿਆ ਵਿਚ ਅਕਾਦਮਿਕ ਸੈਸ਼ਨ 2025-26 ਲਈ 9ਵੀਂ ਅਤੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 23 ਸਤੰਬਰ 2025 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਇਸ ਸਮੇਂ 8ਵੀਂ ਜਮਾਤ ਵਿਚ ਪੜ੍ਹ ਰਹੇ ਹਨ, ਉਹ 9ਵੀਂ ਜਮਾਤ ਵਿਚ ਦਾਖ਼ਲੇ ਲਈ ਅਪਲਾਈ ਕਰ ਸਕਦੇ ਹਨ। ਇਸੇ ਤਰ੍ਹਾਂ, ਸਿਰਫ਼ ਉਹੀ ਵਿਦਿਆਰਥੀ ਜੋ 10ਵੀਂ ਜਮਾਤ ਵਿਚ ਪੜ੍ਹ ਰਹੇ ਹਨ, 11ਵੀਂ ਜਮਾਤ ਵਿਚ ਦਾਖ਼ਲੇ ਲਈ ਯੋਗ ਹੋਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਹ ਵੀ ਦੱਸਿਆ ਕਿ ਨਵੋਦਿਆ ਵਿਦਿਆਲਿਆ ਵਿਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਪੇਂਡੂ ਅਤੇ ਸ਼ਹਿਰੀ ਪਿਛੋਕੜ ਵਾਲੇ ਹੋਣਹਾਰ ਵਿਦਿਆਰਥੀ ਇਥੇ ਆਪਣੀ ਪ੍ਰਤਿਭਾ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ‘ਤੇ ਲਾਭਦਾਇਕ ਹੈ ਜੋ ਵਿੱਤੀ ਤੌਰ ‘ਤੇ ਸੀਮਤ ਸਾਧਨਾਂ ਦੇ ਬਾਵਜੂਦ ਬਿਹਤਰ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਲਈ ਲਿੰਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬੱਧ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਨਾ ਕਰਨ ਅਤੇ ਸਮੇਂ ਸਿਰ ਅਰਜ਼ੀ ਪ੍ਰਕਿਰਿਆ ਪੂਰੀ ਕਰਨ। ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਤੋਂ ਬਚਣ ਲਈ ਜਲਦੀ ਰਜਿਸਟਰ ਕਰਨਾ ਉਚਿਤ ਹੋਵੇਗਾ।














