ਸੰਗਰੂਰ, 15 ਨਵੰਬਰ 2025 AJ DI Awaaj
Punjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਸ਼ੇਖੁਪਰ ਕਲ਼ਾਂ ਵਿਖੇ ਕਣਕ ਵਿੱਚ ਮੈਂਗਨੀਜ਼ ਤੱਤ ਦੀ ਘਾਟ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 50 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ।
ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਅਤੇ ਇੰਚਾਰਜ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਾਟ ਆਮ ਤੌਰ ਤੇ ਝੋਨਾ-ਕਣਕ ਫ਼ਸਲੀ ਚੱਕਰ ਵਾਲੀਆਂ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਵੇਖਣ ਵਿੱਚ ਆਉਂਦੀ ਹੈ। ਇਸ ਦੀਆਂ ਨਿਸ਼ਾਨੀਆਂ ਬੂਟੇ ਦੇ ਵਿਚਕਾਰਲੇ ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀਆਂ ਹਨ। ਬਹੁਤ ਜ਼ਿਆਦਾ ਘਾਟ ਆਉਣ ਨਾਲ ਬੂਟੇ ਬਿਲਕੁਲ ਸੁੱਕ ਜਾਂਦੇ ਹਨ। ਉਹਨਾਂ ਦੱਸਿਆ ਕਿ ਮੈਂਗਨੀਜ਼ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਜਿੱਥੇ ਮਿੱਟੀ ਪਰਖ ਰਿਪੋਰਟ ਵਿੱਚ ਮੈਗਨੀਜ਼ ਤੱਤ ਦੀ ਮਾਤਰਾ 3.5 ਕਿੱਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਉੱਥੇ 0.5% ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2-4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਨਾਲ ਬਾਅਦ ਵਿੱਚ ਧੁੱਪ ਵਾਲੇ ਦਿਨਾਂ ਵਿੱਚ ਕਰਨੇ ਚਾਹੀਦੇ ਹਨ। ਹਾੜ੍ਹੀ ਦੀਆਂ ਮੁੱਖ ਫਸਲਾਂ ਵਿੱਚ ਸੁਚੱਜੇ ਖੁਰਾਕ ਪ੍ਰਬੰਧਨ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਡਾ. ਗਰਗ ਨੇ ਕਣਕ ਵਿੱਚ ਯੂਰੀਆ, ਜ਼ਿੰਕ ਅਤੇ ਗੰਧਕ ਦੀ ਲੋੜੀਂਦੀ ਮਾਤਰਾ ਬਾਰੇ ਵੀ ਚਾਣਨਾ ਪਾਇਆ। ਇਸ ਤੋਂ ਇਲਾਵਾ ਪਸ਼ੂਆਂ ਦੀ ਚੰਗੀ ਸਿਹਤ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ, ਪੀਏਯੂ ਸਾਹਿਤ ਦੀ ਵਿੱਕਰੀ ਕੀਤੀ ਗਈ।
ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਜਿਵੇਂ ਕਿ ਕਣਕ ਵਿੱਚ ਜ਼ਿੰਕ ਅਤੇ ਗੰਧਕ ਦੀ ਘਾਟ ਦਾ ਪ੍ਰਬੰਧਨ, ਚੂਨੇ ਦੇ ਪਾਣੀ ਦੀ ਲੋੜ, ਮਿੱਟੀ ਪਰਖ ਰਿਪੋਰਟ ਦੀ ਵਿਆਖਿਆ, ਨੈਨੋ ਯੂਰੀਆ ਨਾ ਵਰਤਣ ਤੇ ਜੋਰ, ਆਦਿ ਦੇ ਜਵਾਬ ਦਿੱਤੇ ਗਏ। ਇਸ ਮੌਕੇ ਤੇ ਪਿੰਡ ਦੇ ਸ. ਮਨਪ੍ਰੀਤ ਸਿੰਘ ਨੇ ਕੈਂਪ ਲਗਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਅਤੇ ਹੋਰ ਵੀ ਕੈਂਪ ਵਿੱਚ ਮੌਜੂਦ ਰਹੇ। ਅੰਤ ਵਿੱਚ ਟੀਮ ਨੇ ਕਣਕ ਦੇ ਖੇਤਾਂ ਦਾ ਦੌਰਾ ਵੀ ਕੀਤਾ।














