ਵਿਜੀਲੈਂਸ ਬਿਊਰੋ, ਪੰਜਾਬ
ਚੰਡੀਗੜ੍ਹ, 04 ਫਰਵਰੀ, 2025: Aj Di Awaaj
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ, ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਤੈਨਾਤ ਮੁੱਖ ਖਜ਼ਾਂਚੀ ਅਮ੍ਰਿਤ ਭੂਸ਼ਣ ਨੂੰ 2,60,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਰਘੁਬੀਰ ਸਿੰਘ, ਨਿਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਦੋਸ਼ੀ ਨੇ 11 ਕੇ.ਵੀ. ਬਿਜਲੀ ਲਾਈਨਾਂ ਨੂੰ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਦੀ ਰਿਸ਼ਵਤ ਲਈ, ਪਰ ਉਸ ਨੇ ਉਕਤ ਬਿਜਲੀ ਲਾਈਨਾਂ ਕਦੇ ਵੀ ਨਹੀਂ ਬਦਲੀਆਂ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
