ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ

49

ਬਰਨਾਲਾ, 20 ਮਈ 2025 Aj DI Awaaj
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਹਰ ਪਿੰਡ ਵਿਚ ਜਾ ਰਹੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੁਨੇਹਾ ਦੇ ਰਹੀ ਹੈ।
ਇਸ ਮੁਹਿੰਮ ਤਹਿਤ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਭੱਦਲਵਢ, ਕਰਮਗੜ੍ਹ ਤੇ ਅਮਲਾ ਸਿੰਘ ਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਖੇਡਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਆਰੰਭੀ ਗਈ ਹੈ ਤਾਂ ਜੋ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ।
ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।
ਇਸ ਮੌਕੇ ਐਸ.ਡੀ.ਐਮ ਬਰਨਾਲਾ ਹਰਪ੍ਰੀਤ ਸਿੰਘ ਅਟਵਾਲ, ਬੀ ਡੀ ਪੀ ਓ ਸੁਖਵਿੰਦਰ ਸਿੰਘ ਸਿੱਧੂ, ਐੱਸ ਐਮ ਓ ਗੁਰਤਜਿੰਦਰ ਕੌਰ, ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਬਲਰਾਜ ਸਿੰਘ ਬੀਈਈ,  ਸਰਪੰਚ ਕਰਮਗੜ੍ਹ ਹਰਕੇਸ਼ ਸਿੰਘ, ਸਰਪੰਚ ਭੱਦਲਵਢ ਦਰਸ਼ਨ ਸਿੰਘ, ਸਰਪੰਚ ਅਮਲਾ ਸਿੰਘ ਵਾਲਾ ਸਰਬਜੀਤ ਸਿੰਘ ਤੇ ਹੋਰ ਮੋਹਤਬਰ ਮੌਜੂਦ ਸਨ