ਫਰੀਦਕੋਟ 01/05/2025 Aj DI Awaaj
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) 2 ਮਈ, 2025 ਨੂੰ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਲਾਸਕਾ ਗਰੈਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਭੁੱਲਰ, ਕੈਬਿਨਟ ਮੰਤਰੀ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਜਿਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਹ ਅੱਗੇ ਆਮ ਲੋਕਾਂ ਨੂੰ ਅਤੇ ਪਿੰਡ ਵਾਸੀਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹੱਤਵਪੂਰਨ ਯੋਜਨਾਵਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ, ਪਿੰਡਾਂ ਅਤੇ ਵਾਰਡਾਂ ਦੇ ਹਰ ਇੱਕ ਘਰ ਤੱਕ ਰਾਬਤਾ ਬਣਾ ਕੇ ਜਿੱਥੇ ਵਸਨੀਕਾਂ ਨੂੰ ਨਸ਼ਾ ਰੋਕਣ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰੇਗਾ ਉਥੇ ਹੀ ਅਜਿਹੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾਵੇਗੀ ਜਿਹੜੇ ਕਿਸੇ ਨਾ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੇ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ ਤਾਂ ਜੋ ਉਹ ਤੰਦਰੁਸਤ ਹੋਣ ਮਗਰੋਂ ਇੱਕ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰ ਸਕਣ ਅਤੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ 2 ਮਈ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਹਰ ਇੱਕ ਵਿਅਕਤੀ ਦੀ ਨੈਤਿਕ ਜਿੰਮੇਵਾਰੀ ਹੈ ਕਿ ਉਹ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿਣ ਲਈ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।
