ਬਰਨਾਲਾ, 01/05/2025 Aj Di Awaaj
ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ “ਪਿੰਡਾਂ ਦੇ ਪਹਿਰੇਦਾਰ” ਨਾਮ ‘ਤੇ ਬਣਾਈਆਂ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਲਕੇ 2 ਮਈ ਨੂੰ ਹੋਵੇਗੀ, ਜਿਸ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਅਤੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਭਲਕੇ ਸਪਰਿੰਗ ਵਿਲਾ ਪੈਲੇਸ ਵਿਚ ਸਵੇਰੇ 11 ਵਜੇ ਸ਼ੁਰੂ ਹੋਵੇਗਾ ਜਿਸ ਵਿਚ ਸ਼ਹਿਰਾਂ ਤੋਂ ਐਮ ਸੀ ਸਾਹਿਬਾਨ, ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਾਰ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਰਪੰਚ ਅਤੇ ਹੋਰ ਮੈਂਬਰ ਸ਼ਾਮਲ ਹਨ ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਅਤੇ ਵੱਖ ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਹਰ ਜ਼ਿਲ੍ਹਾ ਵਾਸੀ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।
