ਫਾਜ਼ਿਲਕਾ, 22 ਮਈ 2025 Aj DI Awaaj
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਛੇੜੀ ਗਈ ਜੰਗ ‘ਚ ਇਕ ਹੋਰ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। ਸ਼੍ਰੀ ਗੌਰਵ ਯਾਦਵ ਆਈ.ਪੀ.ਐਸ (ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ), ਸ੍ਰੀ ਹਰਮਨਬੀਰ ਸਿੰਘ ਗਿੱਲ (ਡੀ.ਆਈ.ਜੀ. ਫਿਰੋਜ਼ਪੁਰ ਰੇਂਜ), ਅਤੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰਿੰਦਰ ਸਿੰਘ ਬਰਾੜ (ਫਾਜ਼ਿਲਕਾ) ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜ਼ਿਲਕਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਨਸ਼ਿਆਂ ਵਿਰੁੱਧ ਚਲ ਰਹੀ ਇਸ ਰਾਜ ਪੱਧਰੀ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਆਨੰਦ ਪੈਲੇਸ, ਫਾਜ਼ਿਲਕਾ ਵਿਖੇ ਇੱਕ ਵਿਸ਼ੇਸ਼ ਸੰਪਰਕ ਪ੍ਰੋਗਰਾਮ ਅਧੀਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸ੍ਰੀ ਬਲਜੋਤ ਸਿੰਘ ਰਾਠੌੜ, ਆਈ.ਜੀ. ਜੀ.ਆਰ.ਪੀ. ਪੰਜਾਬ ਅਤੇ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਕੂਲੀ ਬੱਚਿਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਭਾਗ ਲਿਆ।
ਸੈਮੀਨਾਰ ਦੌਰਾਨ ਆਈ.ਜੀ. ਸ੍ਰੀ ਬਲਜੋਤ ਸਿੰਘ ਰਾਠੌੜ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਇਕੱਲੀ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਵਰਤੋਂ ਬਾਰੇ ਚੌਕਸ ਰਹਿਣ ਅਤੇ ਪੁਲਿਸ ਨਾਲ ਨਜ਼ਦੀਕੀ ਸਾਂਝ ਬਣਾਕੇ ਨਸ਼ੇ ਦੇ ਰੂਪ ਵਿੱਚ ਫੈਲ ਰਹੀ ਇਸ ਸਮਾਜਿਕ ਬੁਰਾਈ ਦਾ ਮੁਕਾਬਲਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੇ ਸਮਰਪਣ ਅਤੇ ਨਿਸ਼ਠਾ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਇਸ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।
ਇਸ ਮੌਕੇ ਐਸ.ਐਸ.ਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਵੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਸਿਹਤ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸਮਾਜਕ ਢਾਂਚਾ ਵੀ ਡਿੱਗਦਾ ਹੈ। ਉਨ੍ਹਾਂ ਲੋਕਾਂ ਨੂੰ ਪੁਲਿਸ ਦੀ ਸਰਗਰਮੀਆਂ ਵਿੱਚ ਸਹਿਯੋਗ ਦੇਣ, ਸ਼ੱਕੀ ਹਲਚਲ ਬਾਰੇ ਤੁਰੰਤ ਜਾਣਕਾਰੀ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਹ ਆਪਣੇ ਨੇੜਲੇ ਥਾਣੇ ਨਾਲ ਸੰਪਰਕ ਕਰੇ। ਪੁਲਿਸ ਵੱਲੋਂ ਉਸਨੂੰ ਪੂਰੀ ਸਹਾਇਤਾ ਦਿੱਤੀ ਜਾਵੇਗੀ ਅਤੇ ਨਸ਼ਾ ਛੁਡਾਉ ਕੇਂਦਰ ਵਿਚ ਦਾਖ਼ਲ ਵੀ ਕਰਾਇਆ ਜਾਵੇਗਾ। ਨਾਲ ਹੀ, ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਆਸ-ਪਾਸ ਨਸ਼ਾ ਵੇਚਣ ਦੀ ਜਾਣਕਾਰੀ ਮਿਲਦੀ ਹੈ, ਤਾਂ ਓਹ ਇਸਦੀ ਸੂਚਨਾ ਪੁਲਿਸ ਨੂੰ ਦੇਵੇ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।
