ਫਾਜ਼ਿਲਕਾ, 7 ਸਤੰਬਰ 2025 AJ DI Awaaj
Punjab Desk : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਹਰੀਕੇ ਅਤੇ ਹੁਸੈਨੀਵਾਲਾ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਪਹਿਲਾ ਨਾਲੋਂ ਘਟੀ ਹੈ। ਉਹਨਾਂ ਨੇ ਕਿਹਾ ਕਿ ਅੱਜ ਇਹਨਾਂ ਹੈਡਵਰਕਸ ਤੋਂ 2 ਲੱਖ 60 ਹਜਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜਦਕਿ ਕਿਸੇ ਵੇਲੇ ਇਥੋਂ 3 ਲੱਖ 30 ਹਜਾਰ ਕਿਊਸਿਕ ਪਾਣੀ ਵੀ ਪਿਛਲੇ ਦਿਨਾਂ ਦੌਰਾਨ ਚੱਲਦਾ ਰਿਹਾ ਹੈ । ਦੂਜੇ ਪਾਸੇ ਫਾਜ਼ਿਲਕਾ ਜ਼ਿਲੇ ਵਿੱਚ ਵੀ ਇਸ ਦਾ ਅਸਰ ਵਿਖਣ ਲੱਗਾ ਹੈ ਅਤੇ ਪਾਣੀ ਦੇ ਪੱਧਰ ਵਿੱਚ ਮਾਮੂਲੀ ਗਿਰਾਵਟ ਆਈ ਹੈ ।
ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿੱਚ 2697 ਲੋਕ ਰਹਿ ਰਹੇ ਹਨ ਜਦਕਿ 4202 ਲੋਕਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਲੋਕਾਂ ਨੂੰ ਹੁਣ ਤੱਕ 9849 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਅਤੇ 5142 ਥੈਲੇ ਕੈਟਲ ਫੀਡ ਦੀ ਵੰਡ ਪ੍ਰਭਾਵਿਤ ਲੋਕਾਂ ਨੂੰ ਉਹਨਾਂ ਦੇ ਜਾਨਵਰਾਂ ਲਈ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਤਤਪਰਤਾ ਨਾਲ ਕੰਮ ਕਰ ਰਿਹਾ ਹੈ।ਮੈਡੀਕਲ ਅਤੇ ਵੈਟਰਨਰੀ ਵਿਭਾਗ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ। ਰਾਹਤ ਕੈਂਪਾਂ ਵਿਚ ਲੋਕਾਂ ਨੂੰ ਹਰ ਮਦਦ ਪਹੁੰਚਾਈ ਜਾ ਰਹੀ ਹੈ। ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਲੋਕ ਜ਼ਿਲ੍ਹਾ ਪਧਰੀ ਹੜ ਕੰਟਰੋਲ ਰੂਮ ਦੇ ਫੋਨ ਨੰਬਰ 01638-262 153 ਤੇ ਸੰਪਰਕ ਕਰ ਸਕਦੇ ਹਨ।
